← ਪਿਛੇ ਪਰਤੋ
ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਗੁਰਪ੍ਰੀਤ ਸਿੰਘ ਅੰਮ੍ਰਿਤਸਰ, 5 ਜੂਨ 2023 : ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਿਥੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ ਉੱਥੇ ਹੀ ਅੱਜ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਲਾਸਾਨੀ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਵਕਤ ਦੀ ਹਕੂਮਤ ਖਿਲਾਫ਼ ਚਾਰ ਯੁੱਧ ਲੜੇ ਅਤੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਉਸ ਸਮੇਂ ਲੋਕਾਂ ਦੇ ਮਨਾਂ ਵਿਚ ਧਾਰਨਾ ਬਣੀ ਹੋਈ ਸੀ ਕਿ ਇਸ ਜਾਲਮ ਮੁਗਲ ਹਕੂਮਤ ਨੂੰ ਕੋਈ ਹਰਾ ਨਹੀਂ ਸਕਦਾ, ਪਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸਦੀਆਂ ਤੋਂ ਬਣੀ ਇਸ ਧਾਰਨਾ ਨੂੰ ਤੋੜਦਿਆਂ ਜੁਲਮ ਦੇ ਖਿਲਾਫ ਲੜਨ ਦਾ ਉਪਦੇਸ਼ ਦਿੱਤਾ ।
Total Responses : 936