ਆਉਣ ਵਾਲੀ ਪੀੜ੍ਹੀ ਲਈ ਵਾਤਾਵਰਨ ਦੀ ਰੱਖਿਆ ਜ਼ਰੂਰੀ : ਡਾ ਗੀਤਾਂਜਲੀ ਸਿੰਘ
‘ਪਲਾਸਟਿਕ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ’ ਥੀਮ ਨਾਲ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ
ਪ੍ਰਮੋਦ ਭਾਰਤੀ
ਮੁਜ਼ੱਫਰਪੁਰ, 5 ਜੂਨ 2023 ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਵਿਖੇ ਬੂਟੇ ਲਗਾ ਕੇ ਅੱਜ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਸਾਲ ਵਿਸ਼ਵ ਵਾਤਾਵਰਨ ਦਿਵਸ ਦਾ ਮੁੱਖ ਵਿਸ਼ਾ ‘ਪਲਾਸਟਿਕ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ’’ ਹੈ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਵਾਤਾਵਰਨ ਦੀ ਰਾਖੀ ਲਈ ਹਰੇਕ ਨਾਗਰਿਕ ਨੂੰ ਸਾਂਝੇ ਤੌਰ ਉੱਤੇ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਵਾਤਾਵਰਨ ਪ੍ਰਣਾਲੀ ਦੇ ਪਤਨ ਨੂੰ ਰੋਕਣ ਦੀ ਬੇਹੱਦ ਸਖਤ ਜ਼ਰੂਰਤ ਹੈ ਤਾਂ ਕਿ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਹੰਢਣਸਾਰ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਵਾਤਾਵਰਨ ਦੀ ਹਰ ਕੀਮਤ ’ਤੇ ਰੱਖਿਆ ਕਰਨੀ ਚਾਹੀਦੀ ਹੈ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਨੇ ਆਮ ਲੋਕਾਂ ਨੂੰ ਦੂਸ਼ਿਤ ਵਾਤਾਵਰਨ ਅਤੇ ਪ੍ਰਦੂਸ਼ਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦਾ ਵੱਧ ਰਿਹਾ ਪੱਧਰ ਵਾਤਾਵਰਨ ਦੇ ਨਾਲ-ਨਾਲ ਮਨੁੱਖਾਂ ਲਈ ਵੀ ਖਤਰਾ ਬਣਦਾ ਜਾ ਰਿਹਾ ਹੈ। ਇਸ ਕਾਰਨ ਲੋਕ ਕਈ ਕਿਸਮਾਂ ਦੀਆਂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਵੀ ਹੋ ਰਹੇ ਹਨ।
ਇਸ ਦੌਰਾਨ ਮੈਡੀਕਲ ਅਫਸਰ ਡਾ ਰਣਜੀਤ ਹਰੀਸ਼ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਧਰਤੀ ਨੂੰ ਵੱਧ ਤੋਂ ਵੱਧ ਹਰਿਆਲੀ ਦੇ ਘੇਰੇ ਵਿਚ ਲਿਆਉਣ ਲਈ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਹਰੇਕ ਵਿਅਕਤੀ ਨੂੰ ਇਸ ਗੱਲ ਲਈ ਸੁਚੇਤ ਹੋਣ ਦੀ ਲੋੜ ਹੈ ਕਿ ਉਹ ਆਪਣੇ ਘਰ ਅਤੇ ਆਂਢ-ਗੁਆਂਢ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਕੀ ਕੁਝ ਕਰ ਸਕਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।