ACS ਵੱਲੋਂ ਡਾ. BR ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ 'ਚ ਤੇਜ਼ੀ ਲਿਆਉਣ ਦੇ ਆਦੇਸ਼
- ਗੁਣਵੱਤਾ ਯਕੀਨੀ ਬਣਾਉਂਦਿਆਂ ਕੰਮ ਨੂੰ ਸਮਾਂ-ਬੱਧ ਢੰਗ ਨਾਲ ਕਰਵਾਉਣ ਲਈ ਆਖਿਆ
- ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰਨ ਵਿੱਚ ਮਦਦਗਾਰ ਸਾਬਤ ਹੋਵੇਗੀ ਇਹ ਵੱਡ-ਆਕਾਰੀ ਸੰਸਥਾ
ਚੰਡੀਗੜ੍ਹ, 8 ਜੂਨ 2023 - ਪੰਜਾਬ ਦੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਏ ਵੇਨੂਪ੍ਰਸਾਦ ਨੇ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਏ.ਐਸ. ਨਗਰ ਵਿੱਚ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਇੱਥੇ ਵੀਰਵਾਰ ਨੂੰ ਆਪਣੇ ਦਫ਼ਤਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਬਣ ਰਿਹਾ ਇਹ ਇੰਸਟੀਚਿਊਟ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰੇਗਾ। ਉਨ੍ਹਾਂ ਕਿਹਾ ਕਿ ਇਹ ਮਿਆਰੀ ਸੰਸਥਾ ਇਕ ਪਾਸੇ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਨ ਵਿੱਚ ਸਹਾਈ ਹੋਵੇਗੀ, ਦੂਜੇ ਪਾਸੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੈਡੀਕਲ ਸਹੂਲਤਾਂ ਮੁਹੱਈਆ ਕਰੇਗੀ। ਸ੍ਰੀ ਵੇਨੂਪ੍ਰਸਾਦ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼, ਫ਼ਰੀਦਕੋਟ ਤੋਂ ਮਾਨਤਾ ਪ੍ਰਾਪਤ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿੱਚ ਰੈਗੂਲਰ ਕਲਾਸਾਂ ਜਲਦੀ ਸ਼ੁਰੂ ਹੋਣਗੀਆਂ।
ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਹ ਅਤਿ-ਆਧੁਨਿਕ ਇੰਸਟੀਚਿਊਟ 28 ਏਕੜ ਜ਼ਮੀਨ ਵਿੱਚ ਬਣੇਗਾ ਅਤੇ ਇਹ ਆਧੁਨਿਕ ਸਹੂਲਤਾਂ ਤੇ ਤਕਨਾਲੋਜੀ ਨਾਲ ਲੈਸ ਹੋਵੇਗਾ। ਉਨ੍ਹਾਂ ਕਿਹਾ ਕਿ ਕਾਲਜ ਦੀ ਥਾਂ ਅਤੇ ਨਕਸ਼ੇ ਨੂੰ ਪਹਿਲਾਂ ਹੀ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ ਤੇ ਇਸ ਵੱਡ-ਆਕਾਰੀ ਪ੍ਰਾਜੈਕਟ ਦਾ ਕੰਮ ਜਲਦੀ ਸ਼ੁਰੂ ਹੋਵੇਗਾ। ਸ੍ਰੀ ਵੇਨੂਪ੍ਰਸਾਦ ਨੇ ਉਮੀਦ ਜਤਾਈ ਕਿ ਨਵਾਂ ਮੈਡੀਕਲ ਕਾਲਜ ਇਲਾਜ ਤੇ ਡਾਕਟਰੀ ਟੈਸਟਾਂ ਦੀ ਸਹੂਲਤ ਨੂੰ ਵੱਡੇ ਪੱਧਰ ਉਤੇ ਹੁਲਾਰਾ ਦੇਵੇਗਾ।
ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਸ ਕਾਲਜ ਵਿਚ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਤਾਲੀਮ ਹਾਸਲ ਕਰਨ ਲਈ ਆਉਣਗੇ, ਇਸ ਲਈ ਕਾਲਜ ਦੇ ਨਾਲ ਆਹਲਾ ਦਰਜੇ ਦੀਆਂ ਸਹੂਲਤਾਂ ਵਾਲਾ ਹੋਸਟਲ ਦਾ ਨਿਰਮਾਣ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਚਾਹਵਾਨ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਲਈ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ ਕਿਉਂ ਜੋ ਇਨ੍ਹਾਂ ਮੈਡੀਕਲ ਕਾਲਜਾਂ ਵਿਚ ਹੀ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਸ੍ਰੀ ਏ.ਵੇਨੂਪ੍ਰਸਾਦ ਨੇ ਅਧਿਕਾਰੀਆਂ ਨੂੰ ਇਸ ਵੱਕਾਰੀ ਪ੍ਰਾਜੈਕਟ ਦੇ ਨਿਰਮਾਣ ਲਈ ਕੰਮ ਵਿਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਆਖਿਆ।
ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਮੌਕੇ ਮਿਆਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਨਿਰਧਾਰਤ ਸਮੇਂ ਦੇ ਅੰਦਰ ਕਾਰਜ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ੍ਰੀ ਏ.ਵੇਨੂਪ੍ਰਸਾਦ ਨੇ ਕਿਹਾ ਕਿ ਉਹ ਆਉਂਦੇ ਸਮੇਂ ਵਿਚ ਇਸ ਪ੍ਰਾਜੈਕਟ ਦੇ ਕੰਮ ਦੀ ਨਿੱਜੀ ਤੌਰ ਉਤੇ ਨਿਗਰਾਨੀ ਕਰਨਗੇ ਤਾਂ ਕਿ ਇਸ ਨੂੰ ਸਮੇਂ ਸਿਰ ਕੰਮ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋੜੀਂਦੀਆਂ ਰਸਮਾਂ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਆਖਿਆ ਤਾਂ ਕਿ ਨਿਰਮਾਣ ਕਾਰਜ ਸ਼ੁਰੂ ਕੀਤਾ ਜਾ ਸਕੇ।
ਇਸ ਮੌਕੇ ਵਧੀਕ ਮੁੱਖ ਸਕੱਤਰ ਮੈਡੀਕਲ ਸਿੱਖਿਆ ਸ੍ਰੀ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਏ.ਕੇ ਸਿਨਹਾ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀ ਨੀਲਕੰਠ ਅਵਧ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸ੍ਰੀ ਹਿਮਾਂਸ਼ੂ ਜੈਨ ਅਤੇ ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਸੰਦੀਪ ਗਾੜਾ ਤੇ ਹੋਰ ਵੀ ਹਾਜ਼ਰ ਸਨ।