ਅਕਾਲੀ ਸਰਕਾਰ ਵੇਲੇ ਹੋਏ ਵਿਕਾਸ ਦੇ ਅਧਾਰ 'ਤੇ ਲੜਾਂਗੇ ਲੋਕ ਸਭਾ ਚੋਣਾਂ : ਬੱਬਲੀ ਢਿੱਲੋਂ
ਅਸ਼ੋਕ ਵਰਮਾ
ਬਠਿੰਡਾ,24 ਸਤੰਬਰ2023: ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਬਠਿੰਡਾ ਸ਼ਹਿਰੀ ਹਲਕੇ ਦਾ ਹੋਏ ਵਿਕਾਸ ਦੇ ਅਧਾਰ ਤੇ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅਕਾਲੀ ਸਰਕਾਰ ਵੇਲੇ ਚਲਾਈਆਂ ਲੋਕ ਭਲਾਈ ਸਕੀਮਾਂ ਨੂੰ ਵੀ ਚੋਣਾਂ ਦੌਰਾਨ ਅਹਿਮ ਮੁੱਦੇ ਵਜੋਂ ਲੋਕਾਂ ਅੱਗੇ ਰੱਖਿਆ ਜਾਏਗਾ। ਬਠਿੰਡਾ ਸ਼ਹਿਰੀ ਹਲਕੇ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਲਈ ਵੱਖ-ਵੱਖ ਵਾਰਡਾਂ ਵਿੱਚ ਜਾ ਰਹੀਆਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ
ਇਕਬਾਲ ਸਿੰਘ ਬੱਬਲੀ ਢਿੱਲੋਂ ਨੇ ਕਿਹਾ ਕਿ ਕਾਂਗਰਸ ਰਾਜ ਅਤੇ ਹੁਣ ਆਪ ਦੀ ਸਰਕਾਰ ਨੇ ਸੂਬੇ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਅਕਾਲੀ ਦਲ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਨੂੰ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਕਿਸੇ ਦੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ। ਬੇਰੁਜ਼ਗਾਰੀ ਲਗਾਤਾਰ ਵਧਣ ਕਰਕੇ ਨਸ਼ਿਆਂ ਦੀ ਦਲਦਲ ਵਿੱਚ ਫਸੀ ਜਵਾਨੀ ਬਰਬਾਦ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੁੱਟਾਂ ਖੋਹਾਂ, ਕਾਤਲੋ ਗਾਰਦ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੋਣ ਕਰਕੇ ਲੋਕਾਂ ਦਾ ਆਪ ਤੋਂ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਸੂਬੇ ਦੇ ਵਿਕਾਸ ਨੂੰ ਯਾਦ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੀ ਸਿਆਸੀ ਤਸਵੀਰ ਬਦਲਦੀ ਹੋਈ ਨਜ਼ਰ ਆਏਗੀ । ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਸਮੁੱਚੀ ਲੀਡਰਸ਼ਿਪ ਦੇ ਸਹਿਯੋਗ ਨਾਲ ਅਕਾਲੀ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਪਾਰੀਆਂ, ਕਿਸਾਨਾਂ-ਮਜ਼ਦੂਰਾਂ, ਨੌਜਵਾਨਾਂ ਅਤੇ ਖ਼ਾਸਕਰ ਮਹਿਲਾਵਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਭਾਰੀ ਜੋਸ਼ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਇਤਿਹਾਸਕ ਜਿੱਤ ਹੋਵੇਗੀ।
ਉਨ੍ਹਾਂ ਕਿਹਾ ਕਿ ਇਸ ਜਿੱਤ ਵਿਚ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਵੋਟਰਾਂ ਦਾ ਅਹਿਮ ਯੋਗਦਾਨ ਹੋਵੇਗਾ। ਬਬਲੀ ਢਿੱਲੋਂ ਨੇ ਸ਼ਹਿਰ ਵਾਸੀਆਂ, ਵਪਾਰੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਬਿਹਤਰੀ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ, ਤਾਂ ਜੋ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਇਤਿਹਾਸਕ ਜਿੱਤ ਦਿਵਾਉਂਦਿਆਂ ਬਠਿੰਡਾ ਅਤੇ ਪੰਜਾਬ ਦੀ ਨੁਹਾਰ ਬਦਲੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਵਿੱਚ ਪੰਜਾਬ ਦੀ ਖੇਤਰੀ ਪਾਰਟੀ ਅਕਾਲੀ ਦਲ ਹੀ ਚੰਗੇ ਉਪਰਾਲੇ ਕਰ ਸਕਦੀ ਹੈ।