ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਤੇ ਇੱਕ ਪੀਸੀਐਸ ਅਧਿਕਾਰੀ ਸਣੇ ਛੇ ਖ਼ਿਲਾਫ ਕੇਸ ਦਰਜ
ਅਸ਼ੋਕ ਵਰਮਾ
ਬਠਿੰਡਾ,25 ਸਤੰਬਰ 2023: ਵਿਜੀਲੈਂਸ ਬਿਊਰੋ ਪੰਜਾਬ ਨੇ ਸਾਬਕਾ ਵਿੱਤ ਮੰਤਰੀ ਅਤੇ ਬਠਿੰਡਾ ਸ਼ਹਿਰੀ ਹਲਕੇ ਤੋਂ ਕਾਂਗਰਸੀ ਵਿਧਾਇਕ ਰਹੇ ਮੌਜੂਦਾ ਭਾਰਤੀ ਜਨਤਾ ਪਾਰਟੀ ਆਗੂ ਮਨਪ੍ਰੀਤ ਬਾਦਲ ਅਤੇ ਬਠਿੰਡਾ ਵਿਕਾਸ ਅਥਾਰਟੀ ਦੇ ਤੱਤਕਾਲੀ ਪ੍ਰਸ਼ਾਸਕ ਬਿਕਰਮ ਸਿੰਘ ਸ਼ੇਰਗਿੱਲ ਸਮੇਤ ਛੇ ਜਣਿਆ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਧਾਰਾ 409, 420, 467, 468, 471, 120 5ਬੀ, 66 ਸੀ ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਨ੍ਹਾਂ ਹੋਰ ਵਿਅਕਤੀਆਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ ਉਨ੍ਹਾਂ ਵਿੱਚ ਕਾਰੋਬਾਰੀ ਰਾਜੀਵ ਕੁਮਾਰ, ਸ਼ਰਾਬ ਦੇ ਠੇਕੇ ਦੇ ਕਰਿੰਦੇ ਅਮਨਦੀਪ ਸਿੰਘ, ਵਿਕਾਸ ਕੁਮਾਰ ਅਤੇ ਬਠਿੰਡਾ ਵਿਕਾਸ ਅਥਾਰਟੀ ਦੇ ਸੁਪਰਡੈਂਟ ਪੰਕਜ ਸ਼ਾਮਲ ਹਨ।
ਮਾਮਲਾ ਬਠਿੰਡਾ ਵਿਕਾਸ ਅਥਾਰਟੀ ਦੇ ਦੋ ਪਲਾਟਾਂ ਨਾਲ ਜੁੜਿਆ ਹੋਇਆ ਹੈ ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਸੀ।ਵਿਜੀਲੈਂਸ ਨੇ ਰਾਜੀਵ ਕੁਮਾਰ ਨੂੰ ਸ਼ਾਮ 6.30 ਵਜੇ ਇੱਕ ਰੈਸਟੋਰੈਂਟ ਤੋਂ ਹਿਰਾਸਤ ਵਿੱਚ ਲਿਆ ਹੈ ਜਦੋਂ ਕਿ ਵਿਜੀਲੈਂਸ ਨੇ ਅਮਨਦੀਪ ਦੀ ਗ੍ਰਿਫ਼ਤਾਰੀ ਕਿਸੇ ਦੂਸਰੀ ਜਗ੍ਹਾ ਤੋਂ ਕੀਤੀ ਹੈ । ਵਿਜੀਲੈਂਸ ਹੁਣ ਮਨਪ੍ਰੀਤ ਬਾਦਲ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਹੈ।
ਸੰਭਾਵੀ ਗ੍ਰਿਫਤਾਰੀ ਦੇ ਡਰ ਕਾਰਨ ਮਨਪ੍ਰੀਤ ਸਿੰਘ ਬਾਦਲ ਨੇ ਲੰਘੇ ਸ਼ਨੀਵਾਰ ਨੂੰ ਆਪਣੇ ਵਕੀਲ ਰਾਹੀਂ ਬਠਿੰਡਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ ਜਿਸ ਦੀ ਸੁਣਵਾਈ 26 ਸਤੰਬਰ ਨੂੰ ਹੋਣੀ ਹੈ।