ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨ ਯੂਨੀਅਨਾਂ ਨਾਲ ਵਿਚਾਰ-ਵਟਾਂਦਰੇ ਸਾਂਝੇ ਕੀਤੇ
ਪਟਿਆਲਾ, 28 ਸਤੰਬਰ 2023 :
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਗੁਰਨਾਮ ਸਿੰਘ ਵੱਲੋਂ ਇੰਡੀਅਨ ਫਾਰਮਰ ਐਸੋਸੀਏਸ਼ਨ ਨਾਲ ਪਰਾਲੀ ਪ੍ਰਬੰਧਨ ਸਬੰਧੀ ਮੀਟਿੰਗ ਕੀਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇੰਡੀਅਨ ਫਾਰਮ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ (ਪਿੰਡ ਆਕੜ), ਮੁਖ਼ਤਿਆਰ ਸਿੰਘ, ਗੋਬਿੰਦਰ ਸਿੰਘ, ਰਵਿੰਦਰ ਸਿੰਘ ਧਨੋਆ, ਬਲਦੇਵ ਸਿੰਘ ਮੁਹੱਮਦੀਪੁਰ, ਸਤਨਾਮ ਸਿੰਘ ਮੁਹੱਮਦੀਪੁਰ ਅਤੇ ਬਲਿਹਾਰ ਸਿੰਘ ਰੁੜਕੀ ਨੇ ਭਾਗ ਲਿਆ।
ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਹਾਜ਼ਰ ਸਮੂਹ ਮੈਂਬਰਾਂ ਨੂੰ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਣ ਨੂੰ ਸ਼ੁੱਧ ਰੱਖਣ, ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਅਤੇ ਖਾਂਦਾ ਦੀ ਵਰਤੋਂ ਨੂੰ ਘੱਟ ਕਰਨ ਲਈ ਸਹਿਯੋਗ ਦੇਣ ਲਈ ਅਪੀਲ ਕੀਤੀ, ਅਤੇ ਹਾਜ਼ਰ ਮੈਂਬਰ ਸਾਹਿਬਾਨਾਂ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਕਿਸਾਨਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਸਬੰਧੀ ਵੀ ਜਾਣੂ ਕਰਵਾਇਆ।