ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ
ਅਸ਼ੋਕ ਵਰਮਾ
ਦਮਦਮਾ ਸਾਹਿਬ, 3 ਦਸੰਬਰ 2023:ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਹੀਰ ਅਤੇ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤਖ਼ਤ ਸਾਹਿਬਾਨ ’ਤੇ ਸ਼ੁਰੂ ਕੀਤੀ ਅਰਦਾਸ ਸਮਾਗਮਾਂ ਦੀ ਲੜੀ ਤਹਿਤ ਤੀਸਰੇ ਪੜਾਅ ਦੀ ਅਰਦਾਸ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੰਗਤਾਂ ਦੇ ਠਾਠਾ ਮਾਰਦੇ ਇਕੱਠ ਨਾਲ ਸੰਪੂਰਨ ਹੋਈ ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਸਮੇਤ ਬੰਦੀ ਸਿੰਘਾਂ ਦੇ ਮਾਮਲੇ ਨੂੰ ਹਮਦਰਦੀ ਨਾਲ ਵਿਚਾਰਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਹਰਿਆਣੇ ਦੀ ਨੂਹ ਹਿੰਸਾ ਦੇ ਮੁਲਜ਼ਮਾਂ ਨੂੰ ਛੱਡੇ ਜਾ ਸਕਦੇ ਹਨ ਤਾਂ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ ਕੀਤੀ ਜਾ ਸਕਦੀ? ਉਹਨਾਂ ਮੀਡੀਆ ਦੇ ਇਕ ਹਿੱਸੇ ਵੱਲੋਂ ਸਿੱਖਾਂ ਖਿਲਾਫ ਸਿਰਜੇ ਜਾ ਰਹੇ ਗ਼ਲਤ ਬਿਰਤਾਂਤ ਦੀ ਆਲੋਚਨਾ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਸਿੱਖਾਂ ਪ੍ਰਤੀ ਨਕਾਰਾਤਮਕ ਪਹੁੰਚ ਦੇ ਦੇਸ਼ ਲਈ ਘਾਤਕ ਨਤੀਜੇ ਨਿਕਲ ਸਕਦੇ ਹਨ।
ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ 1984 ਵਿੱਚ ਭਾਰਤੀ ਸਰਕਾਰ ਵਲੋਂ ਸਿੱਖਾਂ ਦੀ ਨਸਲਕੁਸ਼ੀ ਲਈ ਘੜੀ ਗਈ ਸਾਜ਼ਿਸ਼ ਦਾ ਹੀ ਇਕ ਹਿੱਸਾ ਸੀ ਕਿ 1990 -93 ਵਿੱਚ ਹਜਾਰਾਂ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿੱਚ ਮਾਰਨ ਉਪਰੰਤ ਵਿੱਦਿਅਕ ਅਦਾਰਿਆਂ ਵਿੱਚ ਇੱਕ ਐਸਾ ਮਹੌਲ ਸਿਰਜਿਆ ਗਿਆ ਕਿ ਨੌਜਵਾਨੀ ਇਹ ਮਹਿਸੂਸ ਕਰੇ ਇਸ ਲਈ ਕਿ ਇਹ ਸੋਚ ਪਾਈ ਕਿ ਤੁਸੀਂ ਸਿੱਖੀ ਸਰੂਪ ਵਿੱਚ ਸੋਹਣੇ ਨਹੀਂ ਲੱਗਦੇ ਹਨ। ਸਰਕਾਰ ਵੱਲੋਂ ਸਿੱਖਾਂ ਦੀ ਨਸਲਕੁਸ਼ੀ ਦੀ ਸਾਜ਼ਿਸ਼ ਤਹਿਤ ਹੀ ਨੌਜਵਾਨੀ ਨੂੰ ਕਲੀਨ ਸੇਵ ਕਲਚਰ, ਨਸ਼ਾ ਕਲਚਰ ਅਤੇ ਗੈਂਗਸਟਰ ਕਲਚਰ ਵਿੱਚ ਗ੍ਰਸਤ ਕਰ ਦਿੱਤਾ ਗਿਆ । ਸਰਕਾਰ ਦਾ ਇਕੋ ਮਕਸਦ ਸੀ ਕਿ ਸਿੱਖ ਨੌਜਵਾਨੀ ਧਰਮ ਨਾਲੋਂ ਟੁਟੇ ਤਾਂ ਹੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵਲੋਂ ਅਰੰਭੇ ਸੰਘਰਸ਼ ਵਿੱਚ ਸ਼ਾਮਲ ਹੋਣ ਤੋਂ ਸਿੱਖ ਨੌਜਵਾਨੀ ਨੂੰ ਰੋਕਿਆ ਜਾ ਸਕਦਾ ਹੈ ।
ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸ਼ੁਰੂ ਕੀਤੀ ਖ਼ਾਲਸਾ ਵਹੀਰ ਨੇ ਨੌਜਵਾਨੀ ਨੂੰ ਧਰਮ ਨਾਲ ਜੋੜ ਕੇ ਨਸ਼ਿਆਂ ਦੇ ਕਲਚਰ ਵਿੱਚੋਂ ਕੱਢਿਆ ਹੈ। ਉਹਨਾਂ ਕਿਹਾ ਕਿ ਇਸ ਤਰਾਂ ਨਾਲ ਸਰਕਾਰਾਂ ਵੱਲੋਂ ਦਹਾਕਿਆਂ ਤੋਂ ਸਿੱਖ ਨੌਜਵਾਨੀ ਨੂੰ ਬਰਬਾਦ ਕਰਨ ਲਈ ਬੁਣੇ ਜਾਲ ਨੂੰ ਖ਼ਾਲਸਾ ਵਹੀਰ ਨੇ ਐਸਾ ਕੱਟਿਆ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਸੰਘਰਸ਼ ਵਿੱਚ ਆਈ ਖੜੋਤ ਨੂੰ ਕਲਗੀਧਰ ਪਾਤਸ਼ਾਹ ਦੀ ਕ੍ਰਿਪਾ ਨਾਲ ਖਤਮ ਕਰ ਦਿੱਤਾ ਗਿਆ। ਇਸ ਤੋਂ ਘਬਰਾ ਕੇ ਸਰਕਾਰਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਰੰਭੀ ਖ਼ਾਲਸਾ ਵਹੀਰ ਨੂੰ ਰੋਕਣ ਲਈ ਅਜਨਾਲੇ ਵਾਲੇ ਕੇਸ ਦੇ ਬਹਾਨੇ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਡਿਬਰੂਗੜ ਦੀ ਜੇਲ੍ਹ ਵਿੱਚ ਸਾਥੀਆਂ ਸਮੇਤ ਕੈਦ ਕਰ ਦਿੱਤਾ ਤੇ ਕਈ ਸਿੰਘ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕਰ ਦਿੱਤੇ ।
ਉਨਾਂ ਕਿਹਾ ਕਿ ਹਰਿਆਣਾ ਦੇ ਨੂਹ ਵਿੱਚ ਥਾਣੇ ਤੇ ਹਮਲੇ ਦੌਰਾਨ ਪੁਲਿਸ ਮੁਲਾਜਮਾਂ ਤਹਿਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਪਰ ਕਿਸੇ ਤੇ ਐਨ ਐਸ ਏ ਨਹੀ ਲਗੀ ਅਤੇ ਦੋ ਹਫਤਿਆਂ ਬਾਦ ਜਮਾਨਤਾਂ ਹੋ ਗਈਆਂ ਜਦੋਂਕਿ ਸਿੱਖਾਂ ਨਾਲ ਉਹੀ ਦੂਜੇ ਦਰਜੇ ਦੇ ਸ਼ਹਿਰੀ ਵਾਲਾ ਸਲੂਕ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਕੋਈ ਅਦਾਲਤ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਬੰਦੀ ਸਿੰਘਾਂ ਦੇ ਕੇਸਾਂ ਵਿੱਚ ਇਕ ਅੱਖਰ ਸਾਡੇ ਵਕੀਲਾਂ ਦਾ ਸੁਣਨ ਨੂੰ ਤਿਆਰ ਨਹੀਂ । ਸਿੱਖਾਂ ਦੇ ਕੇਸਾਂ ਵਿੱਚ ਅਦਾਲਤਾਂ ਨੂੰ ਅਜਨਾਲਾ ਥਾਣੇ ਦਾ ਕੇਸ ਨੂਹ ਥਾਣੇ ਦੇ ਕਿਸੇ ਜਿਥੇ ਚਾਰ ਮੌਤਾਂ ਹੋਈਆਂ ਉਸ ਤੋ ਕਿਤੇ ਵੱਡਾ ਦਿਸਦਾ ਹੈ । ਉਹਨਾਂ ਕਿਹਾ ਕਿ ਇਹੀ ਨਹੀਂ ਪੰਜਾਬ ਵਿੱਚ ਲੱਖਾਂ ਦੀ ਗਿਣਤੀ ਵਿੱਚ ਫਿਰਦੀਆਂ ਫੋਰਸਾਂ ਨੇ ਜਨਤਾ ਵਿੱਚ ਐਸੀ ਦਹਿਸ਼ਤ ਪਾਈ ਕਿ ਜੇਕਰ ਕੋਈ ਸੋਸ਼ਲ ਮੀਡੀਆ ’ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਪੋਸਟ ਸ਼ੇਅਰ ਕਰਦਾ ਹੈ ਤਾਂ ਉਸ ਨੂੰ ਤੁਰੰਤ ਚੁੱਕ ਲਿਆ ਜਾਂਦਾ ਰਿਹਾ ਅਤੇ ਅੱਜ ਤੱਕ ਸੋਸ਼ਲ ਮੀਡੀਆ ਅਕਾਉਂਟ ਬੈਨ ਹਨ ।
ਉਹਨਾਂ ਕਿਹਾ ਕਿ ਅੱਗੇ ਦਿੱਤੇ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਵੀ ਸੰਗਤਾਂ ਅੱਜ ਦੀ ਤਰ੍ਹਾਂ ਹੀ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਕਿਰਪਾਲਤਾ ਕਰਨ ਕਿਉਂਕਿ ਸੰਗਤ ਦੀ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਸਦਕਾ ਹੀ ਸਰਕਾਰਾਂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਬੰਦੀ ਸਿੰਘਾਂ ਵਿਰੁੱਧ ਬੁਣੇ ਜਾਲ ਨੂੰ ਕੱਟਿਆ ਜਾ ਸਕਦਾ ਹੈ।ਅੱਜ ਦੇ ਪ੍ਰੋਗਰਾਮ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਸਿੰਘ ਸਿੰਘਣੀਆਂ ਨੇ ਹਾਜਰੀ ਲਵਾਈ । ਇਸ ਮੌਕੇ ਤਰਸੇਮ ਸਿੰਘ ਖੈੜਾ, ਸ ਰਣਜੀਤ ਸਿੰਘ ਸ਼੍ਰੋਮਣੀ ਕਮੇਟੀ ਮੈਬਰ ਅਵਤਾਰ ਸਿੰਘ ਵਣਵਾਲਾ, ਸੁਖਵਿੰਦਰ ਸਿੰਘ ਅਗਵਾਨ, ਸੁਰਿੰਦਰ ਸਿੰਘ ਕਿਸ਼ਨਪੁਰਾ, ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਭਾਈ ਸਤਨਾਮ ਸਿੰਘ ਖੰਡਾ ਸਮੇਤ ਅਨੇਕਾਂ ਸ਼ਖਸ਼ੀਅਤਾਂ ਮੌਜੂਦ ਸਨ ।