ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 4 ਵਿਅਕਤੀ ਕਾਬੂ
ਰਵਿੰਦਰ ਢਿੱਲੋਂ
ਖੰਨਾ, 6 ਦਸੰਬਰ, 2023:
ਸਮਰਾਲਾ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਦੋ ਵੱਖ-ਵੱਖ ਮਾਮਲਿਆਂ ਵਿੱਚ ਇੱਕ ਔਰਤ ਸਮੇਤ 4 ਵਿਅਕਤੀਆਂ ਨੂੰ 970 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਹਿਲੇ ਮਾਮਲੇ ਵਿੱਚ ਏ.ਐਸ.ਆਈ ਸਤਪਾਲ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਪਿੰਡ ਲੋਪੋ ਵਿਖੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਇੱਕ ਕਾਲੇ ਲਿਫ਼ਾਫ਼ੇ 'ਚੋਂ ਕੁੱਲ 480 ਨਸ਼ੀਲੀਆਂ ਗੋਲੀਆਂ, 90 ਨਸ਼ੀਲੀਆਂ ਗੋਲੀਆਂ ਕੈਪਸੂਲ , 140 ਨਸ਼ੀਲੀਆਂ ਗੋਲੀਆਂ ਸਮੇਤ 710 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ ਹਨ। ਪੁਲਿਸ ਵੱਲੋਂ ਕਾਬੂ ਕੀਤੇ ਕਥਿਤ ਮੁਲਜ਼ਮ ਦੀ ਪਛਾਣ ਮਦਨ ਲਾਲ ਵਾਸੀ ਲੋਪੋਂ ਵਜੋਂ ਹੋਈ ਹੈ ਜਿਸ ਦੀ ਉਮਰ 73 ਸਾਲ ਹੈ । ਪੁਲਿਸ ਨੇ ਉਸ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਕ ਹੋਰ ਮਾਮਲੇ 'ਚ ਸਮਰਾਲਾ ਪੁਲਿਸ ਨੇ ਚਾਵਾ ਪੁਲ ਦੇ ਹੇਠਾਂ ਨਾਕਾ ਲਗਾਇਆ ਹੋਇਆ ਸੀ ਤਾਂ ਪੁਲਿਸ ਨੂੰ ਸ਼ੱਕ ਪੈਣ 'ਤੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਕਤ ਵਿਅਕਤੀਆਂ ਕੋਲੋਂ 260 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਪ੍ਰਦੀਪ ਕੌਰ, ਗੁਰਦੀਪ ਸਿੰਘ ਅਤੇ ਜਸਪ੍ਰੀਤ ਸਿੰਘ ਵਾਸੀ ਚਾਵਾ ਵਜੋਂ ਹੋਈ ਹੈ।
ਸਮਰਾਲਾ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ, ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।