ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ
- ਕੋਟਕਪੂਰਾ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ
- ਯਾਤਰਾ ਉਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ: ਸੰਧਵਾਂ
ਚੰਡੀਗੜ੍ਹ, 9 ਦਸੰਬਰ 2023 - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ।
ਕੋਟਕਪੂਰਾ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਸ. ਸੰਧਵਾਂ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ।
ਸ. ਸੰਧਵਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਉਨਾਂ ਦੱਸਿਆ ਕਿ ਇਨ੍ਹਾਂ ਤੀਰਥ ਸਥਾਨਾਂ ਦੀ ਯਾਤਰਾਂ ਲਈ ਰੋਜ਼ਾਨਾ ਬੱਸਾਂ ਤੇ ਰੇਲ ਗੱਡੀਆਂ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਯਾਤਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਸ. ਸੰਧਵਾਂ ਨੇ ਕਿਹਾ ਕਿ ਇਸ ਤਰੀਥ ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਸਮੇਤ ਸ਼ਹਿਰ ਦੇ ਪਤਵੰਤੇ ਸੱਜਣ ਅਤੇ ਪ੍ਰਸਾਸ਼ਨਿਕ ਅਧਿਕਾਰੀ ਹਾਜ਼ਰ ਸਨ।