'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ
- ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਦਿੱਤੀ ਹਰੀ ਝੰਡੀ
- ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਲੁਧਿਆਣਾ ਵਿਖੇ ਨਾਗਰਿਕ ਕੇਂਦਰਿਤ ਸਕੀਮ ਦਾ ਆਗਾਜ਼
ਲੁਧਿਆਣਾ, 10 ਦਸੰਬਰ 2023 - ਪੰਜਾਬ ਵਾਸੀਆਂ ਨੂੰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਦੀ ਸ਼ੁਰੂਆਤ ਕੀਤੀ।
ਇਨ੍ਹਾਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।
'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਦਰ ’ਤੇ ਜਾ ਕੇ ਸੇਵਾਵਾਂ ਪ੍ਰਦਾਨ ਕਰਨ (ਡੋਰ ਸਟੈੱਪ ਡਲਿਵਰੀ) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਸਰਕਾਰ ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਮੈਂਟ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਹੋਣਗੀਆਂ। ਇਹ ਪਹਿਲਕਦਮੀ ਸੂਬਾ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਾਰੀਆਂ 43 ਮਹੱਤਵਪੂਰਨ ਜੀ2ਸੀ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰੇਗੀ। ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 'ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਨਾਗਰਿਕਾਂ ਨੂੰ ਸੇਵਾ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ, ਤੈਅ ਫੀਸਾਂ ਅਤੇ ਹੋਰਨਾਂ ਜ਼ਰੂਰਤਾਂ ਬਾਰੇ ਸੂਚਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਅਤੇ ਮੁਲਾਕਾਤ ਦੀ ਮਿਤੀ/ਸਮੇਂ ਬਾਰੇ ਐਸ.ਐਮ.ਐਸ. (ਮੋਬਾਇਲ ਸੰਦੇਸ਼) ਪ੍ਰਾਪਤ ਹੋਵੇਗਾ। ਇਸ ਤੋਂ ਬਾਅਦ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਕਰਮਚਾਰੀ ਟੈਬਲੈੱਟ ਦੇ ਨਾਲ ਨਿਰਧਾਰਤ ਸਮੇਂ 'ਤੇ ਉਨ੍ਹਾਂ ਦੇ ਘਰ/ਦਫ਼ਤਰ ਆਉਣਗੇ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਪੂਰਾ ਕਰਨਗੇ ਅਤੇ ਫੀਸ ਲੈ ਕੇ ਰਸੀਦ ਦੇਣਗੇ। ਇਸ ਰਸੀਦ ਨਾਲ ਨਾਗਰਿਕ ਆਪਣੀ ਅਰਜ਼ੀ ਨੂੰ ਟਰੈਕ ਕਰ ਸਕਦੇ ਹਨ। ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋਵੇਗੀ ਜਿਸ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾਇਆ ਜਾਵੇਗਾ।
ਨਾਗਰਿਕ ਅੱਜ ਭਾਵ 10 ਦਸੰਬਰ ਤੋਂ ਸੇਵਾ ਕੇਂਦਰਾਂ ਅਤੇ ਸਮਰਪਿਤ ਹੈਲਪਲਾਈਨ ਨੰਬਰ 1076 ਦੋਵਾਂ ਰਾਹੀਂ ਡੀ.ਐਸ.ਡੀ. ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਹ ਸਕੀਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਸੂਬਾ ਸਰਕਾਰ ਦੇ ਉਪਰਾਲਿਆਂ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਾਗਰਿਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਆਸਾਨੀ ਨਾਲ ਅਤੇ ਨਿਰਵਿਘਨ ਢੰਗ ਨਾਲ ਕਰਵਾ ਸਕਣ। ਇਸ ਦੌਰਾਨ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਇਸ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਵੀ ਹਰੀ ਝੰਡੀ ਦਿੱਤੀ।