ਦਿੱਲੀ ਮੋਰਚਾ: ਕੇਂਦਰ ਨੇ ਕਿਸਾਨ ਜਥੇਬੰਦੀਆਂ ਨਾਲ 12 ਫਰਵਰੀ ਨੂੰ ਚੰਡੀਗੜ੍ਹ ’ਚ ਮੀਟਿੰਗ ਸੱਦੀ
ਚੰਡੀਗੜ੍ਹ, 11 ਫਰਵਰੀ,2024: ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ਦਿੱਲੀ ਚੱਲੋ ਦੇ ਦਿੱਤੇ ਸੱਦੇ ਨੂੰ ਵੇਖਦਿਆਂ ਉਹਨਾਂ ਦੇ ਮਸਲਿਆਂ ਦੇ ਹੱਲ ਵਾਸਤੇ ਕੇਂਦਰ ਸਰਕਾਰ ਨੇ 12 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਸੱਦ ਲਈ ਹੈ।
ਇਹ ਮੀਟਿੰਗ 12 ਫਰਵਰੀ ਨੂੰ ਸ਼ਾਮ 5.00 ਵਜੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟਰੇਸ਼ਨ ਪੰਜਾਬ, ਸੈਕਟਰ 26 ਵਿਖੇ ਹੋਵੇਗੀ ਜਿਸ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਫੂਡ ਸਪਲਾਈ ਮੰਤਰੀ ਪਿਯੂਸ਼ ਗੋਇਲ ਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ਼ਾਮਲ ਹੋਣਗੇ। ਸੰਯੁਕਤ ਕਿਸਾਨ ਮੋਰਚੇ (ਨਾਨ ਪੋਲੀਟਿਕਲ) ਅਤੇ ਹੋਰ ਕਿਸਾਨ ਨੁਮਾਇੰਦਿਆਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।