ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ
• ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜ੍ਹੀ ਹੈ
• ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਉਣਾ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ
• ਪੰਜਾਬ ਵਿਰੋਧੀ ਤਾਕਤਾਂ ਸੂਬੇ ਦੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਜਾਣ ਤੋਂ ਰੋਕ ਰਹੀਆਂ ਹਨ
ਚੰਡੀਗੜ੍ਹ, 23 ਫਰਵਰੀ, 2024
ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਹਰਿਆਣਾ ਦੀ ਸਰਹੱਦ ਉਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਇਸ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਦਿੱਕਤਾਂ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਜਦੋਂ ਉਹ ਮਹਿਜ਼ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਰਿਹਾ ਸੀ ਤਾਂ ਉਸ ਨੂੰ ‘ਨਫ਼ਰਤ ਭਰੇ ਲਹਿਜ਼ੇ ਨਾਲ ਚਲਾਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਲਈ ਜ਼ਿੰਮੇਵਾਰੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਬੰਦਿਆਂ ਖ਼ਿਲਾਫ਼ ਜਾਂਚ ਮਗਰੋਂ ਐਫ.ਆਈ.ਆਰ. ਦਰਜ ਹੋਵੇਗੀ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਵੀ ਪੰਜਾਬ ਦੇ ਅੰਨਦਾਤੇ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿੱਚ ਨਾ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਯੋਗਦਾਨ ਦਿੱਤਾ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਸਰਾਸਰ ਬੇਇਨਸਾਫ਼ੀ ਤੇ ਧੱਕੇਸ਼ਾਹੀ ਹੈ।