ਮੌਸਮ ਵਿਭਾਗ ਵਲੋਂ ਭਾਰੀ ਮੀਂਹ ਅਤੇ ਗੜੇਮਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ
ਚੰਡੀਗੜ੍ਹ, 2 ਮਾਰਚ 2024: ਮੌਸਮ ਵਿਭਾਗ (IMD) ਨੇ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ, ਬਰਫ਼ਬਾਰੀ ਅਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।
![](http://www.babushahi.com/punjabi/upload/cke/1709366778_a.jpg)
ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ-ਲਦਾਖ, ਉੱਤਰਾਖੰਡ ਤੇ ਹਰਿਆਣਾ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਪਹਾੜੀ ਰਾਜਾਂ ਵਿੱਚ 64.5-115.5 ਮਿਲੀਮੀਟਰ ਬਰਫ਼ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ (IMD) ਦਾ ਕਹਿਣਾ ਹੈ ਕਿ ਪੰਜਾਬ ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਵਿੱਚ ਗੜੇਮਾਰੀ ਹੋ ਸਕਦੀ ਹੈ। ਗੜਿਆਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ। ਕਣਕ ਅਤੇ ਸਰ੍ਹੋਂ ਦੀ ਫ਼ਸਲ ਗੜੇਮਾਰੀ ਦਾ ਸ਼ਿਕਾਰ ਹੋ ਸਕਦੀ ਹੈ।
ਪੰਜਾਬ, ਹਰਿਆਣਾ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਦਿੱਲੀ ਅਤੇ ਮੱਧ ਪ੍ਰਦੇਸ਼ ‘ਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ।
ਰਾਜਸਥਾਨ ਅਤੇ ਹਰਿਆਣਾ ਵਿੱਚ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸਰਦੀ ਖਤਮ ਹੋਣ ਵਾਲੀ ਹੈ, ਪਰ ਠੰਡ ਕੁਝ ਹੋਰ ਸਮੇਂ ਤੱਕ ਜਾਰੀ ਰਹਿ ਸਕਦੀ ਹੈ। ਪੰਜਾਬ, ਉੱਤਰ ਪ੍ਰਦੇਸ਼, ਦਿੱਲੀ ਅਤੇ ਮੱਧ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ ਦੇ ਨਾਲ ਵਿਆਪਕ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਸਾਲ ਹੁਣ ਤੱਕ ਦੇ ਬਾਰਿਸ਼ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਸਾਰੇ ਉੱਤਰ-ਪੱਛਮੀ ਰਾਜਾਂ ‘ਚ ਕਮੀ ਦਰਜ ਕੀਤੀ ਗਈ ਹੈ। 1 ਜਨਵਰੀ ਤੋਂ 27 ਫਰਵਰੀ ਦੇ ਵਿਚਕਾਰ ਪੰਜਾਬ (16.7 ਮਿਲੀਮੀਟਰ) ਵਿੱਚ ਇਸ ਸਮੇਂ ਦੀ ਔਸਤ ਦੇ ਮੁਕਾਬਲੇ 64% ਦੀ ਵੱਡੀ ਘਾਟ ਦਰਜ ਕੀਤੀ ਗਈ ਹੈ।
ਜਦੋਂ ਕਿ ਹਰਿਆਣਾ-ਚੰਡੀਗੜ੍ਹ-ਦਿੱਲੀ ਸਬ-ਡਿਵੀਜ਼ਨ (15.6 ਮਿਲੀਮੀਟਰ) ਵਿੱਚ 50% ਘਾਟਾ ਦਰਜ ਕੀਤਾ ਗਿਆ ਹੈ। ਰਾਜਸਥਾਨ (5.3 ਮਿਲੀਮੀਟਰ) ਅਤੇ ਉੱਤਰ ਪ੍ਰਦੇਸ਼ (19.2 ਮਿਲੀਮੀਟਰ) ਵਿੱਚ ਕ੍ਰਮਵਾਰ 43% ਅਤੇ 29% ਦੀ ਬਾਰਿਸ਼ ਦੀ ਕਮੀ ਦਰਜ ਕੀਤੀ।