ਸਿਵਲ ਸਰਜਨ ਵੱਲੋਂ ਚੋਣ ਜ਼ਾਬਤੇ ਸੰਬੰਧੀ ਹਦਾਇਤਾਂ ਜਾਰੀ
ਦਲਜੀਤ ਕੌਰ
ਸੰਗਰੂਰ, 19 ਮਾਰਚ, 2024: ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਕਿਰਪਾਲ ਸਿੰਘ ਵੱਲੋਂ ਸਮੂਹ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਸਰਕਾਰੀ ਇਮਾਰਤ ਅਤੇ ਸਰਕਾਰੀ ਜਾਇਦਾਦ ਦੀ ਵਰਤੋਂ ਸਿਆਸੀ ਹਿੱਤਾਂ ਲਈ ਕਰਨ ’ਤੇ ਸਖਤ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਨਾਲ ਸੰਬੰਧਤ ਸਰਕਾਰੀ ਇਮਾਰਤਾਂ ਦੀ ਵਰਤੋਂ ਸਿਆਸੀ ਕਾਰਜਾਂ ਲਈ ਨਹੀਂ ਕੀਤੀ ਜਾ ਸਕੇਗੀ ਅਤੇ ਨਾ ਹੀ ਕਿਸੇ ਵੀ ਰੈਂਕ ਦਾ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਸਿਆਸੀ ਸਮਾਗਮ ਜਾਂ ਸਿਆਸੀ ਮੀਟਿੰਗ ਵਿੱਚ ਹਿੱਸਾ ਲੈ ਸਕੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਭਾਗੀ ਮੁਖੀ ਪੂਰੀ ਚੌਕਸੀ ਵਰਤਣ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਤੁਰੰਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਕੀਤੇ।