ਰਾਮ ਰਹੀਮ ਦੀ ਧੀ ਹਨੀਪ੍ਰੀਤ ਨੂੰ ਤੁਰੰਤ ਕੀਤਾ ਜਾਵੇ ਗ੍ਰਿਫਤਾਰ- SGPC ਵਲੋਂ ਬਜਟ ਇਜਲਾਸ ਚ ਮਤਾ ਪਾਸ
ਅੰਮ੍ਰਿਤਸਰ, 29 ਮਾਰਚ 2024- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਤੇ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਦੀ ਗ੍ਰਿਫ਼ਤਾਰੀ ਦੀ ਮੰਗ, ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲਅੰਦਾਜ਼ੀ ਦਾ ਵਿਰੋਧ ਕਰਨ ਸਮੇਤ ਪਾਕਿਸਤਾਨ ਅੰਦਰ ਸਿੱਖ ਵਿਰਾਸਤਾਂ ਦੀ ਸੰਭਾਲ ਵੱਲ ਧਿਆਨ ਦੇਣ ਆਦਿ ਮਤੇ ਸ਼ਾਮਲ ਹਨ।
SGPC ਵਲੋਂ ਇਕ ਮਤੇ ਰਾਹੀਂ ਸਾਲ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੀ ਪੈਰੋਕਾਰ ਹਨੀਪ੍ਰੀਤ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਇਸ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਸਿਰਸਾ ਡੇਰੇ ਦੇ ਪੈਰੋਕਾਰ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਇਸ ਸਿੱਖ ਵਿਰੋਧੀ ਵਰਤਾਰੇ ਪਿੱਛੇ ਮੁੱਖ ਸਾਜ਼ਿਸ਼ਘਾੜੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਹਨ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿੱਖਾਂ ਨੂੰ ਇਨਸਾਫ਼ ਦੇਣ ਲਈ ਅਦਾਲਤੀ ਪ੍ਰਕਿਰਿਆ ਰਾਹੀਂ ਡੇਰਾ ਸਿਰਸਾ ਮੁਖੀ ਨੂੰ ਹਿਰਾਸਤ ਵਿਚ ਲਵੇ ਅਤੇ ਇਸ ਦੇ ਨਾਲ ਹੀ ਹਨੀਪ੍ਰੀਤ ਨੂੰ ਤੁਰੰਤ ਹੀ ਗ੍ਰਿਫ਼ਤਾਰ ਕੀਤਾ ਜਾਵੇ।