ਨਕਲੀ ਸ਼ਰਾਬ ਪੀਣ ਕਾਰਨ ਮੌਤਾਂ ਦਾ ਮਾਮਲਾ: ਗੁੱਜਰਾਂ ਵਿਖੇ ਅੰਤਿਮ ਅਰਦਾਸ ਮੌਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ
- ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੀ ਤਰਫੋਂ ਐਸ.ਡੀ.ਐਮ ਦਿੜ੍ਹਬਾ ਹੋਏ ਸ਼ਾਮਿਲ
- ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ
- ਇਸ ਮਾੜੀ ਘਟਨਾ ਲਈ ਜਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਉਪ ਮੰਡਲ ਮੈਜਿਸਟਰੇਟ
ਦਲਜੀਤ ਕੌਰ
ਗੁੱਜਰਾਂ/ਦਿੜ੍ਹਬਾ, 29 ਮਾਰਚ, 2024: ਪਿਛਲੇ ਦਿਨੀ ਨਕਲੀ ਸ਼ਰਾਬ ਪੀਣ ਕਾਰਨ ਆਪਣੀਆਂ ਜਾਨਾਂ ਗਵਾਉਣ ਵਾਲੇ 7 ਮ੍ਰਿਤਕਾਂ ਦੀ ਯਾਦ ਵਿੱਚ ਅੱਜ ਪਿੰਡ ਗੁੱਜਰਾਂ ਵਿਖੇ ਅੰਤਿਮ ਅਰਦਾਸ ਮੌਕੇ ਵਿਛੜੀਆਂ ਰੂਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੀ ਤਰਫੋਂ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਸ਼ਿਰਕਤ ਕੀਤੀ ਅਤੇ ਪ੍ਰਸ਼ਾਸਨ ਦੀ ਤਰਫੋਂ ਪੀੜਿਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਹਨਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਸ ਮੰਦਭਾਗੀ ਘਟਨਾ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਉਹਨਾਂ ਇਹ ਵੀ ਕਿਹਾ ਕਿ ਇਸ ਮਾੜੀ ਘਟਨਾ ਦੇ ਸਾਹਮਣੇ ਆਉਂਦੇ ਸਾਰ ਹੀ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਪ੍ਰਸ਼ਾਸਨ ਤੇ ਪੁਲਿਸ ਦੀਆਂ ਟੀਮਾਂ ਨੇ ਜਿੱਥੇ ਦੋਸ਼ੀਆਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਸੀ ਉੱਥੇ ਹੀ ਗੁੱਜਰਾਂ ਸਮੇਤ ਹੋਰ ਵੱਡੀ ਗਿਣਤੀ ਪਿੰਡਾਂ ਵਿੱਚ ਲੋਕਾਂ ਨੂੰ ਇਹੋ ਜਿਹੀ ਨਕਲੀ ਸ਼ਰਾਬ ਦਾ ਸੇਵਨ ਨਾ ਕਰਨ ਲਈ ਲਗਾਤਾਰ ਜਾਗਰੂਕ ਕੀਤਾ ਗਿਆ। ਉਪ ਮੰਡਲ ਮਜਿਸਟਰੇਟ ਨੇ ਇਹ ਵੀ ਦੱਸਿਆ ਕਿ ਨਕਲੀ ਸ਼ਰਾਬ ਪੀਣ ਕਾਰਨ ਗੁੱਜਰਾਂ, ਢੰਡੋਲੀ ਖੁਰਦ ਦੇ ਜਿੰਨੇ ਵੀ ਮਰੀਜ਼ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲਾਂ ਵਿੱਚ ਜੇਰੇ ਇਲਾਜ ਸਨ, ਉਹ ਵੀ ਤੰਦਰੁਸਤ ਹੋ ਕੇ ਘਰਾਂ ਵਿੱਚ ਪਰਤ ਚੁੱਕੇ ਹਨ ਅਤੇ ਫਿਰ ਵੀ ਅਹਤਿਆਤ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾਕਟਰਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ ਕਿ ਉਹ ਹਸਪਤਾਲੋਂ ਪਰਤੇ ਲੋਕਾਂ ਦੀ ਸਿਹਤ ਦੀ ਨਿਰੰਤਰ ਨਿਗਰਾਨੀ ਕਰਨ।
ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਗਠਿਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਇਸ ਸਮੁੱਚੇ ਕੇਸ ਦੀ ਤਹਿ ਤੱਕ ਜਾਣ ਲਈ ਬਹੁਤ ਡੁੰਘਾਈ ਨਾਲ ਜਾਂਚ ਕਰ ਰਹੀ ਹੈ।
ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।
ਉਹਨਾਂ ਇਹ ਵੀ ਕਿਹਾ ਕਿ ਗੁੱਜਰਾਂ ਸਮੇਤ ਹੋਰ ਪ੍ਰਭਾਵਿਤ ਪਿੰਡਾਂ ਵਿੱਚ ਵੱਖ-ਵੱਖ ਵਿਭਾਗਾਂ ਤੇ ਆਧਾਰਿਤ ਸਾਂਝੀਆਂ ਟੀਮਾਂ ਲਗਾਤਾਰ ਸਰਵੇਖਣ ਅਤੇ ਚੌਕਸੀ ਵਿੱਚ ਜੁਟੀਆਂ ਰਹੀਆਂ ਤਾਂ ਜੋ ਨਕਲੀ ਸ਼ਰਾਬ ਦਾ ਸੇਵਨ ਕਰਨ ਵਾਲਾ ਕੋਈ ਵੀ ਵਿਅਕਤੀ ਇਲਾਜ ਤੋਂ ਵਾਂਝਾ ਨਾ ਰਹੇ।