ਦਿੱਲੀ ਸਰਕਾਰ ਨੂੰ ਡੇਗ ਕੇ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਸਾਜ਼ਿਸ਼ : ਆਤਿਸ਼ੀ ਸਿੰਘ
ਨਵੀਂ ਦਿੱਲੀ, 12 ਅਪ੍ਰੈਲ 2024 : ਦਿੱਲੀ ਸਰਕਾਰ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਆਤਿਸ਼ੀ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਦੋਸ਼ ਲਾਇਆ ਕਿ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਸਰਕਾਰ ਦੇ ਅਧਿਕਾਰੀਆਂ ਨੇ ਚੋਣ ਜ਼ਾਬਤੇ ਦੇ ਬਹਾਨੇ ਮੀਟਿੰਗ ਵਿੱਚ ਆਉਣਾ ਬੰਦ ਕਰ ਦਿੱਤਾ ਹੈ। 20 ਸਾਲ ਪੁਰਾਣੇ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
ਆਤਿਸ਼ੀ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਬਿਨਾਂ ਕਿਸੇ ਸਬੂਤ ਦੇ ਝੂਠੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ... ਕਿਉਂਕਿ ਭਾਜਪਾ ਜਾਣਦੀ ਹੈ ਕਿ ਚਾਹੇ ਉਹ ਜਿੰਨੀ ਮਰਜ਼ੀ ਜ਼ੋਰ ਲਾ ਲਵੇ, ਉਹ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਨੂੰ ਨਹੀਂ ਹਰਾ ਸਕਦੀ।
ਆਤਿਸ਼ੀ ਨੇ ਕਿਹਾ ਕਿ ਦਿੱਲੀ 'ਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਗੈਰ-ਕਾਨੂੰਨੀ ਹੋਵੇਗਾ ਕਿਉਂਕਿ ਜਨਤਾ ਨੇ ਸਪੱਸ਼ਟ ਫਤਵਾ ਦਿੱਤਾ ਹੈ। ਕੇਜਰੀਵਾਲ ਸਰਕਾਰ ਨੇ ਕੁਝ ਦਿਨ ਪਹਿਲਾਂ ਫਲੋਰ ਟੈਸਟ ਕਰਵਾ ਕੇ ਆਪਣਾ ਬਹੁਮਤ ਸਾਬਤ ਕਰ ਦਿੱਤਾ ਹੈ। ਸੰਵਿਧਾਨ ਦੇ ਤਹਿਤ, ਜਦੋਂ ਸਰਕਾਰ ਕੋਲ ਬਹੁਮਤ ਹੋਵੇ ਤਾਂ ਰਾਸ਼ਟਰਪਤੀ ਸ਼ਾਸਨ ਨਹੀਂ ਲਗਾਇਆ ਜਾ ਸਕਦਾ। 2016 'ਚ ਵੀ ਜਦੋਂ ਉੱਤਰਾਖੰਡ 'ਚ ਰਾਸ਼ਟਰਪਤੀ ਸ਼ਾਸਨ ਲਗਾਇਆ ਗਿਆ ਸੀ ਤਾਂ ਅਦਾਲਤ ਦੇ ਹੁਕਮਾਂ 'ਤੇ ਫਲੋਰ ਟੈਸਟ ਕਰਵਾਇਆ ਗਿਆ ਸੀ ਅਤੇ ਰਾਸ਼ਟਰਪਤੀ ਸ਼ਾਸਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਗਿਆ ਸੀ।