ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਕੇਂਦਰੀ ਯੂਨੀਵਰਸਿਟੀ ਵਿਖੇ ਪ੍ਰੋਗਰਾਮ ਕਰਵਾਇਆ
ਅਸ਼ੋਕ ਵਰਮਾ
ਬਠਿੰਡਾ, 16 ਅਪਰੈਲ2024: ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਡਾ. ਅੰਬੇਡਕਰ ਦਾ ‘ਆਪਣਾ ਸੁੱਖ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਸਰਪ੍ਰਸਤੀ ਹੇਠ ਕਰਵਾਏ ਇਸ ਪ੍ਰੋਗਰਾਮ ਵਿੱਚ ਮਹਾਤਮਾ ਗਾਂਧੀ ਯੂਨੀਵਰਸਿਟੀ, ਮੋਤੀਹਾਰੀ ਦੇ ਸਾਬਕਾ ਵਾਈਸ-ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਮੁੱਖ ਮਹਿਮਾਨ ਪ੍ਰੋ. ਸੰਜੀਵ ਕੁਮਾਰ ਸ਼ਰਮਾ, ਡਾ. ਅੰਬੇਡਕਰ ਚੇਅਰ ਪ੍ਰੋਫੈਸਰ ਕਨ੍ਹਈਆ ਤ੍ਰਿਪਾਠੀ, ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਸੈੱਲ ਦੇ ਮੈਂਬਰ ਪ੍ਰੋ. ਬਾਵਾ ਸਿੰਘ ਅਤੇ ਸਕੂਲ ਆਫ਼ ਐਜੂਕੇਸ਼ਨ ਦੇ ਡੀਨ ਪ੍ਰੋ. ਸ਼ੰਕਰਲਾਲ ਬੀਕਾ ਦੇ ਨਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |
ਮੁੱਖ ਮਹਿਮਾਨ ਅਤੇ ਮਹਾਤਮਾ ਗਾਂਧੀ ਯੂਨੀਵਰਸਿਟੀ, ਮੋਤੀਹਾਰੀ ਦੇ ਸਾਬਕਾ ਵਾਈਸ-ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜ਼ਾਦੀ ਦੇ 75 ਸਾਲਾਂ ਬਾਅਦ ਅੱਜ ਸਾਡਾ ਦੇਸ਼ ਇੱਕ ਵਿਕਸਤ ਰਾਸ਼ਟਰ ਬਣਨ ਵੱਲ ਵਧ ਰਿਹਾ ਹੈ ਅਤੇ ਸਾਡੇ ਦੇਸ਼ ਵਾਸੀਆਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਹੈ, ਇਸ ਦਾ ਸਿਹਰਾ ਸਾਡੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਨੂੰ ਜਾਂਦਾ ਹੈ। ਡਾ. ਅੰਬੇਡਕਰ ਬਹੁ-ਆਯਾਮੀ ਸ਼ਖ਼ਸੀਅਤ ਦੇ ਮਾਲਿਕ, ਸੰਵਿਧਾਨ ਦੇ ਨਿਰਮਾਤਾ ਹੋਣ ਦੇ ਨਾਲ, ਬਾਬਾ ਸਾਹਿਬ ਇੱਕ ਕਾਨੂੰਨੀ ਮਾਹਰ, ਅਰਥ ਸ਼ਾਸਤਰੀ, ਸਮਾਜ ਸ਼ਾਸਤਰੀ, ਇਤਿਹਾਸਕਾਰ, ਸਮਾਜ ਸੁਧਾਰਕ ਅਤੇ ਮਾਸ ਮੀਡੀਆ ਦੇ ਮਾਹਰ ਵੀ ਸਨ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਮਾਜ ਦੇ ਹਾਸ਼ੀਏ 'ਤੇ ਖੜ੍ਹੇ ਹਰ ਵਿਅਕਤੀ ਨੂੰ ਬਰਾਬਰ ਦੇ ਅਧਿਕਾਰ ਦਿਵਾਉਣ ਲਈ ਆਵਾਜ਼ ਬੁਲੰਦ ਕੀਤੀ। ਡਾ. ਅੰਬੇਡਕਰ ਸਭ ਤੋਂ ਮਹਾਨ ਰਾਸ਼ਟਰਵਾਦੀ ਸਨ ਅਤੇ ਉਨ੍ਹਾਂ ਦੀ ਨਿੱਜੀ ਖੁਸ਼ੀ ਸਮਾਜ ਦੀ ਉੱਨਤੀ ਵਿੱਚ ਸੀ। ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਭਾਗੀਦਾਰਾਂ ਨੂੰ ਬਾਬਾ ਸਾਹਿਬ ਅੰਬੇਡਕਰ ਦੀ ਸ਼ਖਸੀਅਤ ਤੋਂ ਪ੍ਰੇਰਨਾ ਲੈ ਕੇ ਦੇਸ਼ ਹਿੱਤ ਵਿੱਚ ਕੰਮ ਕਰਨ ਦੀ ਅਪੀਲ ਕੀਤੀ।ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਕਿਹਾ ਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਤਦ ਹੀ ਦਿੱਤੀ ਜਾ ਸਕੇਗੀ ਜਦੋਂ ਬਾਬਾ ਸਾਹਿਬ ਦੇ ਜਨਮ ਦਿਹਾੜੇ 'ਤੇ ਸਾਰੇ ਭਾਗੀਦਾਰ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਅਪਣਾਉਣ ਅਤੇ ਉਨ੍ਹਾਂ ਨੂੰ ਆਪਣੇ ਕੰਮ ਕਰਨ ਦੇ ਢੰਗਾਂ ਵਿੱਚ ਪ੍ਰਤੀਬਿੰਬਤ ਕਰਨਗੇ।
ਇਸ ਮੌਕੇ ਪ੍ਰੋ. ਬਾਵਾ ਸਿੰਘ, ਪ੍ਰੋ. ਅਸਲਮ, ਡਾ. ਸੰਦੀਪ ਸਿੰਘ ਅਤੇ ਡਾ. ਅਮਨਦੀਪ ਕੌਰ ਦੁਆਰਾ ਲਿਖੀ ਪੁਸਤਕ 'ਇੰਡੀਆਜ਼ ਐਨਰਜੀ ਡਿਪਲੋਮੇਸੀ ਇਨ ਯੂਰੇਸ਼ੀਆ - ਜੀਓਪੋਲੀਟਿਕਸ ਐਂਡ ਜੀਓ-ਇਕਨਾਮਿਕਸ ਪਰਸਪੈਕਟਿਵਜ਼' ਰਿਲੀਜ਼ ਕੀਤੀ ਗਈ| ਇਸ ਮੌਕੇ ਡਾ. ਬਾਵਾ ਸਿੰਘ , ਪ੍ਰੋ. ਕਨ੍ਹਈਆ ਤ੍ਰਿਪਾਠੀ, ਚੇਅਰ ਪ੍ਰੋਫੈਸਰ, ਡਾ.ਅੰਬੇਦਕਰ ਹਿਊਮਨ ਰਾਈਟਸ ਐਂਡ ਐਨਵਾਇਰਮੈਂਟਲ ਵੈਲਿਊਜ਼ ਚੇਅਰ, ਨੇ ਆਪਣੇ ਵਿਚਾਰ ਪੇਸ਼ ਕੀਤੇ। ਅੰਤ ਵਿੱਚ ਡਾ. ਅਸ਼ਵਨੀ ਕੁਮਾਰ ਨੇ ਸਭ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਅਧਿਆਪਕ, ਅਧਿਕਾਰੀ, ਖੋਜਾਰਥੀ ਅਤੇ ਵਿਦਿਆਰਥੀ ਸ਼ਾਮਲ ਹੋਏ।