ਕਿਸਾਨ ਧਿਰਾਂ ਨੇ ਭਾਜਪਾ ਆਗੂ ਪਰਮਪਾਲ ਕੌਰ ਨੂੰ ਦਿਖਾਈਆਂ ਕਾਲੀਆਂ ਝੰਡੀਆਂ
ਅਸ਼ੋਕ ਵਰਮਾ
ਬਠਿੰਡਾ,17ਅਪਰੈਲ2024:ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਵੱਲੋਂ ਮੌੜ ਮੰਡੀ ਵਿਖੇ ਵਿਰੋਧ ਚੋਣ ਪ੍ਰਚਾਰ ਕਰਨ ਆਈ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਭਾਜਪਾ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਰੋਧ ਜਤਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਕਰ ਧੱਕਾ ਮੁਕੀ ਹੋਈ । ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ਤੇ ਲਾਠੀਚਾਰਜ ਕੀਤਾ ਹੈ ਜਿਸ ਕਾਰਨ ਕਈ ਕਿਸਾਨਾਂ ਦੀਆਂ ਪੱਗਾਂ ਲਹਿ ਗਈਆਂ ਜੋਕਿ ਨਿੰਦਣਯੋਗ ਕਾਰਵਾਈ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਵਿਰੋਧ ਜਾਰੀ ਰੱਖਿਆ ਜਾਏਗਾ।
ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਹਕੂਮਤ ਵੱਲੋਂ ਲਿਆਂਦੇ ਕਾਰਪੋਰੇਟ ਪੱਖੀ ਅਤੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਾਉਣ ਲਈ ਦਿੱਲੀ ਦੇ ਬਾਰਡਰਾਂ ਤੇ ਬੈਠ ਕੇ ਮੋਰਚੇ ਲਾਉਣ ਲਈ ਮਜਬੂਰ ਕੀਤਾ ਜਿਸ ਦੌਰਾਨ ਸੱਤ ਸੌ ਤੋਂ ਉਪਰ ਸ਼ਹੀਦੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮੋਰਚੇ ਦੌਰਾਨ ਭਾਜਪਾ ਦੀ ਕੇਂਦਰ ਸਰਕਾਰ ਨੇ ਕਈ ਮੰਗਾਂ ਮੰਨੀਆਂ ਸਨ ਜੋਕਿ ਲਾਗੂ ਨਹੀਂ ਕੀਤੀਆਂ ਉਲਟਾ ਇਹ ਮੰਗਾਂ ਮਨਵਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੇ ਬਾਰਡਰਾਂ ਤੇ ਹੀ ਰੋਕ ਕੇ ਉਨ੍ਹਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖੋਹ ਲਿਆ ਹੈ।
ਕਿਸਾਨ ਆਗੂਆਂ ਨੇ ਕਿਹਾ ਭਾਜਪਾ ਦੀ ਇਸ ਧੱਕੇਸ਼ਾਹੀ ਦੇ ਖਿਲਾਫ ਕਿਸਾਨ ਮੋਰਚੇ ਤੇ ਸੱਦੇ ਤਹਿਤ ਭਾਜਪਾ ਦੇ ਉਮੀਦਵਾਰਾਂ ਅਤੇ ਹੋਰ ਆਗੂਆਂ ਦਾ ਵਿਰੋਧ ਜਾਰੀ ਰਹੇਗਾ। ਅੱਜ ਦੇ ਇਕੱਠ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਜਸਵੀਰ ਸਿੰਘ ਸੇਮਾ, ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਰਾਮਨਗਰ ਤੇ ਬਲਾਕ ਆਗੂ ਅਮ੍ਰਿੰਤ ਸਿੰਘ ਮੌੜ, ਗੁਰਜੀਤ ਸਿੰਘ ਬੰਗੇਹਰ,ਭੂਰਾ ਸਿੰਘ ਡਿੱਖ, ਭੋਲਾ ਸਿੰਘ ਮਾੜੀ, ਗੁਰਦੀਪ ਸਿੰਘ ਮਾਈਸਰਖਾਨਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਅਮਰਜੀਤ ਸਿੰਘ ਹਨੀ, ਮਹਿੰਦਰ ਸਿੰਘ ਬਾਲਿਆਂਵਾਲੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਗੁਰਜੰਟ ਸਿੰਘ, ਜਗਜੀਤ ਸਿੰਘ ਕੋਟਸ਼ਮੀਰ ਅਤੇ ਕਿਸਾਨ ਮਜ਼ਦੂਰ ਤੇ ਮਾਵਾਂ ਭੈਣਾਂ ਸ਼ਾਮਿਲ ਸਨ।: