ਰੂਪਨਗਰ: ਪ੍ਰੀਤ ਕਲੋਨੀ ਵਿਖੇ ਇਮਾਰਤ ਡਿੱਗਣ ਕਾਰਨ 5 ਮਜ਼ਦੂਰ ਦੱਬੇ
ਪ੍ਰਸ਼ਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਤੁਰੰਤ ਮੌਕੇ 'ਤੇ ਪਹੁੰਚ ਕੇ ਕੀਤੀ ਬਚਾਅ ਕਾਰਜਾਂ ਦੀ ਅਗਵਾਈ
ਇਕ ਮਰੀਜ਼ ਨੂੰ ਬਾਹਰ ਕੱਢਿਆ ਗਿਆ, ਜਿਸਨੂੰ ਐਮਰਜੈਂਸੀ ਸੇਵਾਵਾਂ ਦੇ ਕੇ ਪੀ ਜੀ ਆਈ ਚੰਡੀਗੜ੍ਹ ਭੇਜਿਆ ਜਾ ਰਿਹਾ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ, 18 ਅਪ੍ਰੈਲ 2024: ਰੂਪਨਗਰ ਦੀ ਪ੍ਰੀਤ ਕਲੋਨੀ ਵਿਖੇ ਇਮਾਰਤ ਡਿੱਗਣ ਕਾਰਨ 5 ਮਜ਼ਦੂਰ ਦੱਬੇ ਗਏ ਜਿਸ ਉਪਰੰਤ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ. ਸ. ਗੁਲਨੀਤ ਸਿੰਘ ਖੁਰਾਨਾ ਦੀ ਅਗਵਾਈ ਹੇਠ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਆਈ.ਟੀ.ਬੀ.ਪੀ. ਦੀਆਂ ਟੀਮਾਂ ਵੱਲੋਂ ਮੌਕੇ ਉੱਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਅਤੇ ਸ਼ਾਮ 7 ਵਜੇ ਦੇ ਕਰੀਬ ਇਕ ਮਜ਼ਦੂਰ ਨੂੰ ਬਾਹਰ ਕੱਢ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਐਮਰਜੈਂਸੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਐਂਬੂਲੈਂਸਾਂ ਨੂੰ ਘਟਨਾ ਵਾਲੀ ਥਾਂ ਤੇ ਤੈਨਾਇਤ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਦੁਰਘਟਨਾ ਹੋਣ ਤੋਂ ਤੁਰੰਤ ਬਾਅਦ ਹੀ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਆਈ.ਟੀ.ਬੀ.ਪੀ. ਦੀਆਂ ਟੀਮਾਂ ਵੱਲੋਂ ਬਚਾਅ ਮੁਹਿੰਮ ਸ਼ੁਰੂ ਕਰ ਦਿੱਤਾ ਗਿਆ, ਤਕਨੀਕੀ ਸਲਾਹਕਾਰਾਂ ਦੀ ਸਲਾਹ ਨਾਲ ਪੜਾਅ ਵਾਰ ਮਜ਼ਦੂਰਾਂ ਨੂੰ ਕੱਢਿਆ ਜਾ ਰਿਹਾ ਹੈ ਅਤੇ ਇਕ ਮਰੀਜ਼ ਨੂੰ ਬਾਹਰ ਕੱਢਿਆ ਗਿਆ ਹੈ ਜਿਸਨੂੰ ਐਮਰਜੈਂਸੀ ਸੇਵਾਵਾਂ ਦੇ ਕੇ ਪੀ ਜੀ ਆਈ ਚੰਡੀਗੜ੍ਹ ਭੇਜਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਘਟਨਾ ਘਰ ਦੀਆਂ ਕੰਧਾਂ ਦੇ ਉੱਤੇ ਪੁਰਾਣੇ ਲੈਂਟਰ ਨੂੰ ਜੈਕ ਰਾਹੀਂ ਚੱਕ ਕੇ ਉੱਚਾ ਕੀਤਾ ਜਾ ਰਿਹਾ ਸੀ ਜਿਸ ਦੌਰਾਨ ਅਚਾਨਕ ਇਮਾਰਤ ਗਿਰ ਜਾਣ ਕਾਰਨ ਇਹ ਘਟਨਾ ਵਾਪਰੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਸ ਪੀ ਰੁਪਿੰਦਰ ਕੌਰ ਸਰਾਂ ਅਤੇ ਜ਼ਿਲਾ ਪ੍ਰਸ਼ਾਸਨ ਦੇ ਸਾਰੇ ਸੀਨੀਅਰ ਅਧਿਕਾਰੀ ਹਾਜ਼ਰ ਸਨ।