ਮੋਹਾਲੀ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ 2024 : ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਅਪ੍ਰੈਲ 2024 ਤੋਂ 10 ਜੂਨ 2024 ਤੱਕ ਲਾਗੂ ਰਹਿਣਗੇ।
ਇਥੇ ਇਹ ਵਰਨਣਯੋਗ ਹੈ ਕਿ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ‘ਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ।
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਏਅਰ ਫੋਰਸ਼ ਸਟੇਸ਼ਨ ਦੇ ਆਲੇ ਦੁਆਲੇ ਆਮ ਜਨਤਾ ਵਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆਂ ਹਨ, ਉਨ੍ਹਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ ਖੁੱਲੇ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ। ਜਿਸ ਕਰਕੇ ਏਅਰ ਫੋਰਸ ਦੇ ਏਰੀਏ ਵਿਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ। ਇਨ੍ਹਾਂ ਦੇ ਉਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖਤਰੇ ਦਾ ਕਾਰਨ ਬਣਦਾ ਹੈ ਅਤੇ ਸੈਨਾ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਵੀ ਵਿਘਨ ਪੈਦਾ ਕਰਦਾ ਹੈ। ਇਸ ਦੇ ਫਲਸਰੂਪ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
ਇਹ ਹੁਕਮ 11 ਅਪ੍ਰੈਲ 2024 ਤੋਂ 10 ਜੂਨ 2024 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ।
ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ 11 ਅਪ੍ਰੈਲ 2024 ਤੋਂ 10 ਜੂਨ 2024 ਤੱਕ ਲਾਗੂ ਰਹਿਣਗੇ।
ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਬਿਲਡਿੰਗ ਦੇ ਆਲੇ ਦੁਆਲੇ ਆਮ ਜਨਤਾ, ਰਾਜਸੀ ਪਾਰਟੀਆਂ ਅਤੇ ਕਰਮਚਾਰੀ ਸੰਗਠਨਾ ਆਦਿ ਵੱਲੋਂ ਰੈਲੀਆਂ ਧਰਨੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਦਫ਼ਤਰ ਵਿੱਚ ਆਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ
ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ
ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਹੁਕਮ 11 ਅਪ੍ਰੈਲ 2024 ਤੋਂ 10 ਜੂਨ 2024 ਤੱਕ ਲਾਗੂ ਰਹਿਣਗੇ।