ਸਿਹਤ ਵਿਭਾਗ ਵੱਲੋਂ ਆਰੰਭੀ ਤੰਬਾਕੂ ਮੁਕਤ ਜਾਗਰੂਕਤਾ ਮੁਹਿੰਮ
ਰੋਹਿਤ ਗੁਪਤਾ
ਗੁਰਦਾਸਪੁਰ , 19 ਅਪ੍ਰੈਲ 2024 : ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਵਿਖੇ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਮੀਟਿੰਗ ਦੌਰਾਨ ਸਹਾਇਕ ਸਿਵਲ ਸਰਜਨ ਡਾ ਭਾਰਤ ਭੂਸ਼ਣ ਨੇ ਦੱਸਿਆ ਕਿ ਸਰਕਾਰ ਵੱਲੋਂ ਤੰਬਾਕੂ ਪਦਾਰਥਾਂ ਦੀ ਜਨਤਕ ਸਥਾਨ ਤੇ ਮਨਾਹੀ ਹੈ। ਜਨਤਕ ਸਥਾਨਾਂ ਤੇ ਤੰਬਾਕੂ ਐਕਟ ਦੀ ਉਲੰਘਣਾ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਬਣਾਈਆਂ ਗਈਆਂ ਬਲਾਕ ਪੱਧਰੀ ਟੀਮਾਂ ਵੱਲੋਂ ਕੋਟਪਾ ਐਕਟ 2003 ਦੀ ਪਾਲਣਾ ਯਕੀਨੀ ਬਣਾਉਣ ਲਈ ਅਚਨਚੇਤ ਦੌਰੇ ਕੀਤੇ ਜਾਂਦੇ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾ ਵੱਲੋਂ ਸਾਰਾ ਸਾਲ ਹੀ ਤੰਬਾਕੂ ਵਿਰੋਧੀ ਗਤੀਵਿਧੀਆਂ ਜਿਵੇਂ ਕਿ ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਐਕਟ-2003 ਅਧੀਨ ਚਲਾਨ ਕਰਨ ਤੋਂ ਇਲਾਵਾ ਆਮ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਇਸ ਦੇ ਤਹਿਤ ਹੀ ਅੱਜ ਸਮੂਹ ਜ਼ਿਲ੍ਹੇ ਅਤੇ ਬਲਾਕ ਦੀਆਂ ਟੀਮਾਂ ਨਾਲ ਮੀਟਿੰਗ ਕੀਤੀ ਅਤੇ ਹਿਦਾਇਤਾਂ ਦਿੱਤੀਆਂ ਗਈਆਂ ਕਿ ਕੋਈ ਵੀ ਵਿਅਕਤੀ ਕਿਸੇ ਜਨਤਕ ਥਾਂ ਜਿਵੇਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਰੇਲਗੱਡੀ, ਹੋਟਲ, ਸਿੱਖਿਆ ਸੰਸਥਾ ਆਦਿ ਵਿਚ ਤੰਬਾਕੂਨੋਸ਼ੀ ਨਹੀਂ ਕਰ ਸਕਦਾ। 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣ ਦੀ ਮਨਾਹੀ ਹੈ। ਕਿਸੇ ਵੀ ਵਿੱਦਿਅਕ ਜਾਂ ਧਾਰਮਿਕ ਸੰਸਥਾ ਦੇ 100 ਮੀਟਰ ਦੇ ਦਾਇਰੇ ਅੰਦਰ ਨਾ ਤਾਂ ਤੰਬਾਕੂ ਉਤਪਾਦ ਵੇਚਿਆ ਜਾ ਸਕਦਾ ਹੈ ਨਾ ਇਸ ਦੀ ਵਰਤੋਂ ਕੀਤੀ ਜਾ ਸਕਦੀ ਹੈ। ਤੰਬਾਕੂ ਉਤਪਾਦ ਨੂੰ ਉਤਸ਼ਾਹਿਤ ਕਰਨ ਵਾਲੇ ਵਿਗਿਆਪਨ ਨਹੀਂ ਦਿੱਤੇ ਜਾ ਸਕਦੇ। ਤੰਬਾਕੂ ਉਤਪਾਦ ਤੇ ਲਿਖਤੀ ਅਤੇ ਤਸਵੀਰ ਸਮੇਤ 85 ਫ਼ੀਸਦੀ ਚੇਤਾਵਨੀ ਛਾਪਣੀ ਲਾਜ਼ਮੀ ਹੈ।
ਇਸ ਮੌਕੇ ਜਿਲ੍ਹਾ ਸਿਹਤ ਅਫਸਰ ਡਾ ਸਵਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਧੂੰਏਂ ਵਾਲਾ ਜਾਂ ਧੂੰਆਂ ਰਹਿਤ ਦੋਵੇਂ ਕਿਸਮ ਦਾ ਹੋ ਸਕਦਾ ਹੈ। ਬੀੜੀ, ਸਿਗਰਟ ਆਦਿ ਧੂੰਏ ਵਾਲਾ ਅਤੇ ਜ਼ਰਦਾ, ਖੈਨੀ ਆਦਿ ਧੂੰਆਂ ਰਹਿਤ ਤੰਬਾਕੂ ਦੀਆਂ ਕਿਸਮਾਂ ਹਨ। ਦੋਵੇਂ ਹੀ ਕਿਸਮ ਦਾ ਤੰਬਾਕੂ ਖਤਰਨਾਕ ਹੈ। ਤੰਬਾਕੂ ਦੀ ਵਰਤੋਂ ਨਾਲ ਵੱਖ-ਵੱਖ ਤਰ੍ਹਾਂ ਦਾ ਕੈਂਸਰ ਅਤੇ ਹੋਰ ਬਿਮਾਰੀਆਂ ਵੀ ਵਿਅਕਤੀ ਨੂੰ ਆਪਣੀ ਲਪੇਟ ਵਿਚ ਲੈ ਲੈਂਦੀਆਂ ਹਨ। ਇਸ ਲਈ ਤੰਬਾਕੂ ਦੇ ਸੇਵਨ ਤੋਂ ਸਾਨੂੰ ਗੁਰੇਜ਼ ਕਰਨ ਦੀ ਲੋੜ ਹੈ। ਇਸ ਮੌਕੇ ਡੀ ਐਚ ਓ ਡਾ. ਸਵਿਤਾ, ਡੀ ਡੀ ਐਚ ਓ ਡਾ ਲੋਕੇਸ਼ ਗੁਪਤਾ, ਡਾ. ਅੰਕੁਰ, ਏ ਐਮ ਓ ਬਿਕਰਮਜੀਤ ਸਿੰਘ, ਏ ਐਮ ਓ ਜੋਬਨਪ੍ਰੀਤ ਸਿੰਘ, ਐਚ ਆਈ ਹਰਪ੍ਰੀਤ ਸਿੰਘ, ਐਚ ਆਈ ਤਰਸੇਮ ਸਿੰਘ ਆਦਿ ਵੀ ਹਾਜ਼ਰ ਸਨ।