24 ਅਪ੍ਰੈਲ ਤੋਂ ਮਨਾਇਆ ਜਾਵੇਗਾ ਵਿਸ਼ਵ ਟੀਕਾਕਰਨ ਹਫ਼ਤਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 20 ਅਪ੍ਰੈਲ 2024
ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਨਿਯਮਤ ਟੀਕਾਕਰਨ ਪ੍ਰੋਗਰਾਮ (ਈ.ਪੀ.ਆਈ.) ਦੀ 50ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਮਿਤੀ 24 ਅਪ੍ਰੈਲ, 2024 ਤੋਂ ਵਿਸ਼ਵ ਟੀਕਾਕਰਨ ਸਪਤਾਹ ਮਨਾ ਜਾ ਰਿਹਾ ਹੈ, ਜਿਸ ਸਬੰਧੀ ਸਾਰੀਆਂ ਤਿਆਰੀਆਂ ਜ਼ੋਰਾਂ 'ਤੇ ਹਨ।
ਇਸ ਸਬੰਧੀ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਵਿਖੇ ਅੱਜ ਐੱਲ.ਐੱਚ.ਵੀਜ, ਏ.ਐੱਨ.ਐੱਮਜ ਤੇ ਹੈਲਥ ਇੰਸਪੈਕਟਰਸ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਸਿਹਤ ਸਟਾਫ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਸਾਲ 1974 ਵਿਚ ਈ.ਪੀ.ਆਈ. ਪ੍ਰੋਗਰਾਮ ਸ਼ੁਰੂ ਕੀਤਾ ਸੀ। ਇਸ ਸਾਲ 2024 ਵਿਚ ਈ.ਪੀ.ਆਈ. ਦੀ 50ਵੀਂ ਵਰ੍ਹੇਗੰਢ ਇਸ ਪ੍ਰੋਗਰਾਮ ਦੀਆਂ ਪ੍ਰਾਪਤੀਆਂ ਦੇ ਜਸ਼ਨ ਮਨਾਉਣ, ਟੀਕਾਕਰਨ ਨਾਲ ਬਚਾਈਆਂ ਗਈਆਂ ਜਾਨਾਂ 'ਤੇ ਇਸਦੇ ਪ੍ਰਭਾਵ ਨੂੰ ਉਜਾਗਰ ਕਰਨ ਅਤੇ ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਵੇਂ ਯਤਨਾਂ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਮੌਕਾ ਪ੍ਰਦਾਨ ਕਰ ਰਹੀ ਹੈ।
ਡਾ. ਗੀਤਾਂਜਲੀ ਸਿੰਘ ਨੇ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਅਰਬਨ ਇਲਾਕਿਆਂ ਅਤੇ ਮਾਈਗ੍ਰੇਟਰੀ ਖੇਤਰਾਂ ਵਿੱਚ ਹੈੱਡਕਾਊਂਟ ਸਰਵੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ, ਜਿਸ ਵਿਚ ਡਰਾਪ ਆਊਟ ਤੇ ਲੈਫਟ ਆਊਟ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਜਾਣਕਾਰੀ ਇਕੱਤਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿਸ਼ਵ ਟੀਕਾਕਰਨ ਸਪਤਾਹ ਮੁਹਿੰਮ ਦੌਰਾਨ ਕੋਈ ਵੀ ਬੱਚਾ ਤੇ ਗਰਭਵਤੀ ਔਰਤ ਸੰਪੂਰਨ ਟੀਕਾਕਰਨ ਤੋਂ ਵਾਂਝੇ ਨਾ ਰਹੇ।
ਇਸ ਮੌਕੇ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼ ਨੇ ਦੱਸਿਆ ਕਿ ਜਨਤਕ ਸਿਹਤ ਲਈ ਟੀਕਾਕਰਨ ਪ੍ਰੋਗਰਾਮ ਇਕ ਮਜ਼ਬੂਤ ਬੁਨਿਆਦ ਦੇ ਰੂਪ ਵਿੱਚ ਉੱਭਰਿਆ ਹੈ ਜੋ ਕਿ ਮਾਰੂ ਬਿਮਾਰੀਆਂ ਨੂੰ ਫੈਲਣ ਤੋਂ ਰੋਕਦਾ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਪ੍ਰੋਗਰਾਮ ਦਾ ਮੁੱਖ ਉਦੇਸ਼ ਹਰੇਕ ਬੱਚੇ ਲਈ ਜੀਵਨ-ਰੱਖਿਅਕ ਟੀਕਿਆਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ਵਵਿਆਪੀ ਯਤਨ ਹੈ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਛੱਡ ਕੇ 24 ਅਪ੍ਰੈਲ ਤੋਂ 30 ਅਪ੍ਰੈਲ, 2024 ਤੱਕ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਸੰਪੂਰਨ ਟੀਕਾਕਰਨ ਕੀਤਾ ਜਾਵੇ। ਇਸ ਮੁਹਿੰਮ ਦੀ ਜਾਗਰੂਕਤਾ ਲਈ ਸਕੂਲੀ ਬੱਚਿਆਂ ਦੀ ਰੈਲੀ ਅਤੇ ਪੋਸਟਰ ਮੁਕਾਬਲੇ ਕਰਵਾਏ ਜਾਣ ਅਤੇ ਪੇਂਡੂ ਖੇਤਰਾਂ ਵਿਚ ਧਾਰਮਿਕ ਸਥਾਨਾਂ ਤੋਂ ਅਨਾਊਂਸਮੈਂਟ ਕਰਵਾਈ ਜਾਵੇ। ਆਊਟਰੀਚ ਕੈਂਪਾਂ ਵਾਲੇ ਸਥਾਨਾਂ ਤੇ ਜਾਗਰੂਕਤਾ ਪੋਸਟਰ ਡਿਸਪਲੇਅ ਕੀਤੇ ਜਾਣ।
ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਬੱਚਿਆਂ ਜਾਂ ਗਰਭਵਤੀ ਔਰਤਾਂ ਦਾ ਕੋਈ ਵੀ ਟੀਕਾ ਲੱਗਣ ਤੋਂ ਰਹਿ ਗਿਆ ਹੈ, ਤਾਂ ਵਿਸ਼ਵ ਟੀਕਾਕਰਨ ਸਪਤਾਹ ਦੌਰਾਨ ਨੇੜੇ ਦੀ ਸਿਹਤ ਸੰਸਥਾ ਜਾ ਆਊਟਰੀਚ ਕੈਂਪਾਂ ਵਿਖੇ ਜਾ ਕੇ ਟੀਕਾਕਰਨ ਜ਼ਰੂਰ ਕਰਵਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।