ਸੰਗਰੂਰ ‘ਚ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕੀਤਾ ਜਾਗਰੂਕ
- ਵੋਟਿੰਗ ਪ੍ਰਕਿਰਿਆ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਕੀਤਾ ਗਿਆ ਉਪਰਾਲਾ
ਦਲਜੀਤ ਕੌਰ
ਸੰਗਰੂਰ, 23 ਅਪ੍ਰੈਲ, 2024: ਸੰਗਰੂਰ ਜ਼ਿਲ੍ਹੇ ਵਿੱਚ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਕਰਨ ਲਈ ਪ੍ਰੇਰਨ ਦੇ ਉਦੇਸ਼ ਨਾਲ ਨੁੱਕੜ ਨਾਟਕ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵਿਹੜੇ ਵਿੱਚ ਨੂਰ ਆਰਟ ਗਰੁੱਪ ਬਠਿੰਡਾ ਦੀ ਟੀਮ ਵੱਲੋਂ ਨੁੱਕੜ ਨਾਟਕ ਖੇਡਣ ਦੀ ਸ਼ੁਰੂਆਤ ਕੀਤੀ ਗਈ।
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ ਨੇ ਦੱਸਿਆ ਕਿ 1 ਜੂਨ ਨੂੰ ਲੋਕ ਸਭਾ ਦੀਆਂ ਆਮ ਚੋਣਾਂ ਲਈ ਹੋਣ ਵਾਲੀ ਵੋਟਿੰਗ ਪ੍ਰਕਿਰਿਆ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ‘ਤੇ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਚੇਤਨ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਸਵੀਪ ਨੋਡਲ ਅਫਸਰ ਵਿਨੀਤ ਕੁਮਾਰ ਨੇ ਦੱਸਿਆ ਕਿ ਸੰਗਰੂਰ ਦੇ ਨਾਲ-ਨਾਲ ਭਵਾਨੀਗੜ੍ਹ, ਚੀਮਾ, ਧੂਰੀ, ਦਿੜ੍ਹਬਾ, ਖਨੌਰੀ, ਲਹਿਰਾਗਾਗਾ, ਮੂਣਕ, ਸ਼ੇਰਪੁਰ, ਸੂਲਰ ਘਰਾਟ ਅਤੇ ਸੁਨਾਮ ਵਿਖੇ ਵੀ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਮਤਦਾਨ ਲਈ ਜਾਗਰੂਕ ਕੀਤਾ ਜਾਵੇਗਾ।
ਨੋਡਲ ਅਫਸਰ ਵਿਨੀਤ ਕੁਮਾਰ ਨੇ ਕਿਹਾ ਕਿ ਸਾਡੇ ਸੰਵਿਧਾਨ ਨੇ ਦੇਸ਼ ਦੇ ਹਰੇਕ ਨਾਗਰਿਕ ਨੂੰ ਵੋਟ ਦੇ ਰੂਪ ਵਿੱਚ ਇਕ ਅਜਿਹੀ ਸ਼ਕਤੀ ਪ੍ਰਦਾਨ ਕੀਤੀ ਹੈ, ਜਿਸ ਦੀ ਸਹੀ ਵਰਤੋਂ ਕਰ ਕੇ ਅਸੀਂ ਆਪਣੇ ਦੇਸ਼ ਅਤੇ ਸੂਬੇ ਦੇ ਵਿਕਾਸ ਵਿੱਚ ਮੋਹਰੀ ਰੋਲ ਅਦਾ ਕਰ ਸਕਦੇ ਹਾਂ। ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਵੋਟਰ ਦਾ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਵੋਟ ਪਾਉਣਾ ਜ਼ਰੂਰੀ ਹੈ। ਜਿਥੇ ਇਹ ਸਾਡਾ ਸੰਵਿਧਾਨਿਕ ਹੱਕ ਹੈ ਉਥੇ ਹੀ ਸਮਾਜ ਪ੍ਰਤੀ ਫਰਜ਼ ਵੀ ਬਣਦਾ ਹੈ।
ਵਿਨੀਤ ਕੁਮਾਰ ਨੇ ਦੱਸਿਆ ਕਿ ਵੱਧ ਤੋਂ ਵੱਧ ਲੋਕਾਂ ਨੂੰ ਮਤਦਾਨ ਲਈ ਜਾਗਰੂਕ ਕਰਨ ਸਬੰਧੀ ਸਵੀਪ ਗਤੀਵਿਧੀਆਂ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਚੋਣ ਪ੍ਰਕਿਰਿਆ ਦਾ ਹਿੱਸਾ ਬਣਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਈ.ਵੀ.ਐਮ/ਵੀ.ਵੀ.ਪੈਟ ਮਸ਼ੀਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਡੀ.ਈ.ਓ. ਪ੍ਰੀਤ ਇੰਦਰ ਘਈ ਵੀ ਹਾਜ਼ਰ ਸਨ।