ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ ਲਗਾਏ ਸਪੈਸ਼ਲ ਕੈਂਪ
ਪ੍ਰਮੋਦ ਭਾਰਤੀ
ਨੂਰਪੁਰ ਬੇਦੀ , 25 ਅਪ੍ਰੈਲ 2024
ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਆਦੇਸ਼ਾਂ ਤਹਿਤ ਸਿਵਲ ਸਰਜਨ ਡਾ.ਮਨੂੰ ਵਿਜ ਦੀ ਅਗਵਾਈ ਵਿੱਚ ਜਿਲ੍ਹੇ ਭਰ ਅੰਦਰ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫਸਰ ਨੂਰਪੁਰ ਬੇਦੀ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਹੁਕਮਾਂ ਮੁਤਬਕ 24 ਤੋਂ 30 ਅਪ੍ਰੈਲ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਉਹਨਾ ਨੇਂ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਟੀਕਾਕਰਨ ਦੀ ਬਦੌਲਤ ਕਈ ਬਿਮਾਰੀਆਂ ਜਿਵੇਂ ਕਿ ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ ਅਤੇ ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ।
ਇਸ ਦਾ ਮੁੱਖ ਉਦੇਸ਼ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀਆਂ ਦੇ ਟੀਕਾਕਰਨ ਦੀ ਕਵਰੇਜ ਨੂੰ ਮਜ਼ਬੂਤ ਕਰਨਾ ਹੈ। ਇਸ ਲਈ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਗਰਭਵਤੀਆਂ ਜਿਨ੍ਹਾਂ ਦਾ ਟੀਕਾਕਰਨ ਅਧੂਰਾ ਹੈ ਜਾਂ ਫਿਰ ਕਿਸੇ ਕਾਰਨ ਰਹਿ ਗਿਆ ਹੈ, ਉਸ ਨੂੰ ਪੂਰਾ ਕੀਤਾ ਜਾਵੇਗਾ। ਨਿਰਧਾਰਤ ਟੀਕਾਕਰਣ ਸੂਚੀ ਤੋਂ ਇਲਾਵਾ ਮੀਜਲ ਅਤੇ ਰੂਬੈਲਾ ਦੇ ਟੀਕਾਕਰਨ ਦੇ ਦੂਸਰੀ ਖ਼ੁਰਾਕ ਦੀ 100 ਪ੍ਰਤੀਸ਼ਤ ਕਵਰੇਜ ਕਰਨੀ ਯਕੀਨੀ ਬਣਾਈ ਜਾਵੇਗੀ ਅਤੇ 10 ਤੋਂ 16 ਸਾਲ ਦੇ ਪ੍ਰਵਾਸੀ ਬੱਚਿਆਂ ਦੇ ਟੀ. ਡੀ. ਦਾ ਟੀਕਾ ਵੀ ਲਗਾਇਆ ਜਾਵੇਗਾ।
ਉਹਨਾਂ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਬਲਾਕ ਦੀਆਂ ਵੱਖ ਵੱਖ ਪਰਵਾਸੀ ਆਬਾਦੀ, ਖਾਨਾਬਦੋਸ਼ ਸਾਈਟਾਂ, ਇੱਟਾਂ ਦੇ ਭੱਠਿਆਂ ਆਦਿ ਤੇ ਟੀਕਾਕਰਨ ਸਪੈਸ਼ਲ ਕੈਂਪ ਸਿਹਤ ਮੁਲਾਜ਼ਮਾਂ ਵੱਲੋਂ ਲਗਾਏ ਜਾ ਰਹੇ ਹਨ।ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ।