ਪੋਲਿੰਗ ਬੂਥਾਂ ਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਸੁਚਾਰੂ ਪ੍ਰਬੰਧ ਮੁਕੰਮਲ ਕੀਤੇ ਜਾਣ- ਪੂਜਾ ਸਿਆਲ ਗਰੇਵਾਲ
ਵਧੀਕ ਜਿਲ੍ਹਾ ਚੋਣ ਅਫਸਰ ਨੇ ਵੱਖ ਵੱਖ ਪੋਲਿੰਗ ਬੂਥਾਂ ਦਾ ਕੀਤਾ ਵਿਸੇਸ਼ ਨਿਰੀਖਣ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 25 ਅਪ੍ਰੈਲ,2024 : ਪੂਜਾ ਸਿਆਲ ਗਰੇਵਾਲ ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਨੇ ਲੋਕ ਸਭਾ ਚੋਣਾਂ 2024 ਦੌਰਾਨ ਲੋਕ ਸਭਾ ਹਲਕਾ 06 ਅਨੰਦਪੁਰ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ 049 ਅਨੰਦਪੁਰ ਸਾਹਿਬ ਅਧੀਨ ਪੈਂਦੇ ਵੱਖ ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਉੱਤੇ ਸਾਰੇ ਸੁਚਾਰੂ ਪ੍ਰਬੰਧ ਕੀਤੇ ਜਾਣ।
ਅੱਜ ਪੋਲਿੰਗ ਬੂਥਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਨਿਰੀਖਣ ਕਰਨ ਪਹੁੰਚੇ ਵਧੀਕ ਜਿਲ੍ਹਾ ਚੋਣ ਅਫਸਰ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਮਾਡਲ ਪੋਲਿੰਗ ਬੂਥ, ਪਿੰਕ ਪੋਲਿੰਗ ਬੂਥ ਅਤੇ ਵਲਨਰੇਬਲ ਪੋਲਿੰਗ ਬੂਥ ਨਿਰਧਾਰਤ ਕਰਕੇ ਉਨ੍ਹਾਂ ਲਈ ਵਿਸੇਸ਼ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆਂ ਦੇ ਪੁਖਤਾ ਪ੍ਰਬੰਧ ਹੋਣਗੇ। ਉਨ੍ਹਾ ਨੇ ਕਿਹਾ ਕਿ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਬਿਨਾ ਭੇਦਭਾਵ, ਡਰ, ਲਾਲਚ, ਭੈਅ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੋਜੂਦਾ ਸਮੇਂ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਇਸ ਦੌਰਾਨ ਵੋਟਾਂ ਵਾਲੇ ਦਿਨ ਗਰਮੀ ਦਾ ਮੌਸਮ ਹੋਣ ਕਾਰਨ ਵੋਟਰਾਂ ਦੀ ਸਹੂਲਤ ਲਈ ਵੱਖਰੇ ਤੌਰ ਤੇ ਟੈਂਟ ਅਤੇ ਪੱਖੇ ਲਗਾ ਕੇ ਛਾਂ ਦਾ ਪ੍ਰਬੰਧ, ਪੀਣ ਵਾਲੇ ਪਾਣੀ ਅਤੇ ਛਬੀਲ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਤੋ ਇਲਾਵਾ ਵਿਸੇਸ਼ ਲੋੜਾਂ ਵਾਲੇ ਅਤੇ ਬਜੁਰਗ ਵੋਟਰਾਂ ਨੂੰ ਵੋਟਾਂ ਦੌਰਾਨ ਵਿਸੇਸ ਸੁਵਿਧਾਵਾ ਦਿੱਤੀਆਂ ਜਾਣਗੀਆਂ, ਜਿਸ ਵਿੱਚ ਉਨ੍ਹਾਂ ਲਈ ਵੱਖਰੀ ਲਾਈਨ ਅਤੇ ਉਨ੍ਹਾਂ ਦੀ ਸਹਾਇਤਾ ਲਈ ਵਲੰਟੀਅਰ ਤੈਨਾਤ ਕੀਤੇ ਜਾਣਗੇ ਅਤੇ ਗਰਮੀ ਦੇ ਮੌਸਮ ਦੌਰਾਨ ਵੋਟ ਪਾਉਣ ਵਾਲੇ ਨਾਗਰਿਕ ਦਾ ਧਿਆਨ ਰੱਖਣ ਲਈ ਫਸਟ ਏਡ ਸੈਂਟਰ ਵੀ ਬਣਾਏ ਜਾਣਗੇ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 1 ਜੂਨ 2024 ਨੂੰ ਵੱਧ ਤੋ ਵੱਧ ਆਪਣੇ ਵੋਟ ਦੇ ਅਧਿਕਾਰੀ ਦਾ ਵਰਤੋਂ ਕਰਨ, ਇਸ ਸਬੰਧੀ ਪ੍ਰਸਾਸ਼ਨ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ ਕਰਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਅੱਜ ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਟਰਾਂਗ ਰੂਮ ਦਾ ਨਿਰੀਖਣ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹਰ ਪੋਲਿੰਗ ਬੂਥ ਉੱਤੇ ਰੋਸ਼ਨੀ, ਪੀਣ ਵਾਲਾ ਪਾਣੀ, ਰੈਪ, ਪਖਾਨੇ, ਸਫਾਈ ਦੀ ਢੁਕਵੀ ਵਿਵਸਥਾ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪੋਲਿੰਗ ਬੂਥ ਤੇ ਪੋਲਿੰਗ ਪਾਰਟੀਆਂ ਸਮੇਤ ਪ੍ਰੋਜਾਈਡਿੰਗ ਅਫਸਰ ਨਿਰਧਾਰਤ ਸਮੇਂ ਤੇ ਪਹੁੰਚ ਜਾਣਗੀਆਂ ਅਤੇ ਸਮੁੱਚੀ ਪੋਲਿੰਗ ਪ੍ਰਕਿਰਿਆ ਨੂੰ ਸੁਚਾਰੂ ਤੇ ਸੁਰੱਖਿਅਤ ਬਣਾਇਆ ਗਿਆ। ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਮਟੌਰ ਤੇ ਸਰਕਾਰੀ ਸੀਨੀ.ਸੈਕੰ ਸਕੂਲ ਭਰਤਗੜ੍ਹ ਦਾ ਦੌਰਾ ਕੀਤਾ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ।