ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਰੀਵਿਊ ਮੀਟਿੰਗ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 10 ਮਈ 2024 :
ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ, ਜਿਸ ਦੌਰਾਨ ਉਨ੍ਹਾਂ ਸਾਰੇ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਉਨ੍ਹਾਂ ਦੇ ਟੀਚਿਆਂ ਦੀ ਮੁਕੰਮਲ ਪ੍ਰਾਪਤੀ 'ਤੇ ਜ਼ੋਰ ਦਿੱਤਾ।
ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜ਼ਿਲ੍ਹੇ ਵਿੱਚ ਹਰ ਮਹੀਨੇ ਦੀ 9 ਤਰੀਕ ਨੂੰ ਹਾਈਰਿਸਕ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਲਈ ਲਗਾਏ ਜਾਂਦੇ ਵਿਸ਼ੇਸ਼ ਕੈਂਪਾਂ ਵਿੱਚ ਹਾਈਰਿਸਕ ਗਰਭਵਤੀ ਔਰਤਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਸਿਹਤ ਅਧਿਕਾਰੀਆਂ ਨੂੰ ਮਾਤਰੀ ਮੌਤ ਦਰ ਘਟਾਉਣ ਲਈ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਸਾਰੀਆਂ ਗਰਭਵਤੀ ਔਰਤਾਂ ਦੀ ਜਲਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੇ ਸਾਰੇ ਏ.ਐੱਨ.ਸੀ. ਚੈਕਅੱਪ ਸਮੇਂ ਸਿਰ ਮੁਕੰਮਲ ਹੋ ਸਕਣ।
ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਸਾਰੀਆਂ ਗਰਭਵਤੀ ਔਰਤਾਂ ਦਾ ਇੱਕ ਮੈਡੀਕਲ ਸਪੈਸ਼ਲਿਸਟ ਦੁਆਰਾ ਵੀ "ਲਾਜ਼ਮੀ ਚੈੱਕਅਪ" ਕਰਵਾਉਣਾ ਯਕੀਨੀ ਬਣਾਇਆ ਜਾਏ। ਇਸ ਤੋਂ ਇਲਾਵਾ, ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸਾਰੀਆਂ ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ ਦੇ ਨਾਲ-ਨਾਲ ਈ.ਸੀ.ਜੀ., ਐੱਲ.ਐੱਫ.ਟੀ., ਟੀ.ਐਫ.ਟੀ., ਜੀ.ਡੀ.ਐੱਮ. ਟੈਸਟ ਲਾਜ਼ਮੀ ਤੌਰ 'ਤੇ ਕਰਵਾਉਣੇ ਚਾਹੀਦੇ ਹਨ। ਗਰਭ ਅਵਸਥਾ ਦੌਰਾਨ ਇਹ ਜਾਂਚ ਗਰਭਵਤੀ ਔਰਤਾਂ ਦੀ ਕਿਸੇ ਵੀ ਸਿਹਤ ਮੈਡੀਕਲ ਸਥਿਤੀ ਦੀ ਸ਼ੁਰੂਆਤੀ ਪਛਾਣ ਅਤੇ ਇਲਾਜ ਵਿੱਚ ਮਦਦ ਕਰੇਗੀ, ਜਿਸ ਨਾਲ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਅਣਜੰਮੇ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।
ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਮੀਟਿੰਗ ਵਿਚ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੇ ਬਣਦੇ ਟੀਚੇ ਮਿਥੇ ਸਮੇਂ ’ਚ ਪੂਰੇ ਕਰਨੇ ਸਾਡੀ ਜ਼ਿੰਮੇਵਾਰੀ ਹੈ, ਜਿਨ੍ਹਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਰੇਨੂੰ ਅਗਰਵਾਲ, ਕਾਰਜਕਾਰੀ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਰਬਰਿੰਦਰ ਸਿੰਘ ਸੇਠੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਸਿਆਮਾਵੇਦਾ ਦੇਵੀ, ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਡਾ. ਰਵਿੰਦਰ ਸਿੰਘ, ਡਾ. ਸਤਵਿੰਦਰਪਾਲ ਸਿੰਘ, ਡਾ. ਸੋਨੀਆ, ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫਸਰ ਗੁਰਪ੍ਰੀਤ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।