ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਸਿਵਲ ਹਸਪਤਾਲ ਰੂਪਨਗਰ ਦਾ ਦੌਰਾ ਕੀਤਾ
ਰੂਪਨਗਰ, 20 ਜੂਨ 2024: ਜ਼ਿਲ੍ਹੇ ਅੰਦਰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਮੁਲਾਂਕਣ ਕਰਨ ਹਿੱਤ ਅਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਤਹਿਤ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਸਥਾਨਕ ਸਿਵਲ ਹਸਪਤਾਲ ਰੂਪਨਗਰ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਹਨਾਂ ਵੱਲੋਂ ਐਮਰਜੈਂਸੀ ਵਿਭਾਗ, ਨਸ਼ਾ ਛੁਡਾਊ ਕੇਂਦਰ ਅਤੇ ਜੱਚਾ ਬੱਚਾ ਵਿਭਾਗ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ। ਉਨ੍ਹਾਂ ਵੱਲੋਂ ਐਸ.ਐਮ.ਓ. ਰੂਪਨਗਰ ਨੂੰ ਸਾਫ- ਸਫਾਈ ਅਤੇ ਐਮਰਜੈਂਸੀ ਸੇਵਾਵਾਂ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇਣ ਦੀ ਹਦਾਇਤ ਕੀਤੀ ਗਈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਗਰਮੀ ਦੇ ਮੌਸਮ ਕਾਰਨ ਆ ਰਹੀਆਂ ਬਿਮਾਰੀਆਂ ਤੇ ਆਉਣ ਵਾਲੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਬੰਧਾਂ ਦਾ ਜ਼ਾਇਜਾ ਲੈਣ ਲਈ ਸੂਬੇ ਦੇ ਹਸਪਤਾਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ 550 ਡਾਕਟਰ ਅਤੇ 1100 ਦੇ ਕਰੀਬ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਨੂੰ ਜਲਦ ਮੁਕੰਮਲ ਕੀਤਾ ਜਾਵੇਗਾ।
ਇਸ ਦੌਰਾਨ ਐਮ.ਐਲ.ਏ. ਹਲਕਾ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਸਨ, ਜਿਨ੍ਹਾਂ ਵੱਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਵਿਖੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਸਿਹਤ ਮੰਤਰੀ ਪੰਜਾਬ ਨਾਲ ਚਰਚਾ ਕੀਤੀ ਗਈ।
ਇਸ ਦੌਰ ਉਪਰੰਤ ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਿਵਲ ਸਰਜਨ ਰੂਪਨਗਰ ਨਾਲ ਯੂਜਰ ਚਾਰਜਸ, ਖਾਲੀ ਪਈਆਂ ਡਾਕਟਰਾਂ ਅਤੇ ਸਟਾਫ ਦੀਆਂ ਅਸਾਮੀਆਂ, ਦਵਾਈਆਂ ਦੀ ਉਪਲਬਧਤਾ, ਉਪਕਰਨਾਂ ਦੀ ਉਪਲਬਧਤਾ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ।
ਵੈਕਟਰ ਬੋਰਨ ਅਤੇ ਵਾਟਰ ਬੋਰਨ ਬਿਮਾਰੀਆਂ ਬਾਰੇ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੂੰ ਹਦਾਇਤ ਕੀਤੀ ਗਈ ਕਿ ਸਮੂਹ ਸੰਬੰਧਿਤ ਵਿਭਾਗਾਂ ਨਾਲ ਵੈਕਟਰ ਬੋਰਨ ਅਤੇ ਵਾਟਰ ਬੋਰਨ ਬਿਮਾਰੀਆਂ ਦੇ ਸੰਬੰਧ ਵਿੱਚ ਮੀਟਿੰਗ ਕਰਕੇ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਤਾਂ ਜੋ ਇਸ ਸਬੰਧੀ ਅਗਾਉ ਜਰੂਰੀ ਕਦਮ ਚੁੱਕੇ ਜਾ ਸਕਣ। ਇਸ ਦੇ ਨਾਲ ਹੀ ਸੁਨਿਸਚਿਤ ਕੀਤਾ ਜਾਵੇ ਕਿ ਕਿਸੇ ਵੀ ਕਿਸਮ ਦੀ ਵੈਕਟਰ ਬੋਰਨ ਜਾਂ ਵਾਟਰ ਬੋਰਨ ਬਿਮਾਰੀ ਦੀ ਆਊਟ ਬ੍ਰੇਕ ਨਾ ਹੋਵੇ। ਹੋਟ ਸਪੋਟ ਵਾਲੇ ਖੇਤਰਾਂ ਵਿੱਚ ਖਾਸ ਸੰਜੀਦਗੀ ਵਰਤੀ ਜਾਵੇ। ਡੇਂਗੂ, ਮਲੇਰੀਆ ਆਦਿ ਤੋਂ ਬਚਾਅ ਸਬੰਧੀ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ।
ਇਸ ਉਪਰੰਤ ਉਨ੍ਹਾਂ ਹਸਪਤਾਲ਼ ਵਿਖੇ ਨਸ਼ਾ ਛਡਾਊ ਕੇਂਦਰ ਦਾ ਵੀ ਨਿਰੀਖਣ ਕੀਤਾ ਅਤੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸਿਹਤ ਸੇਵਾਵਾਂ ਦੇ ਨਾਲ-ਨਾਲ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਨੌਜ਼ਵਾਨਾਂ ਨੂੰ ਨਸ਼ਿਆਂ ਵਿੱਚੋਂ ਬਾਹਰ ਕੱਢਣ ਤੇ ਆਮ ਜ਼ਿੰਦਗੀ ਬਤੀਤ ਕਰਨ ਦੀ ਲੜਾਈ ਲੜਨ ਲਈ ਪੂਰੀ ਇਮਾਨਦਾਰੀ ਨਾਲ ਅਣਥੱਕ ਯਤਨ ਕਰ ਰਿਹਾ ਹੈ।
ਉਨ੍ਹਾਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਦਿਆਂ ਪੀੜ੍ਹਤ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਮ ਜ਼ਿੰਦਗੀ ਵਿਚ ਵਾਪਿਸ ਲਿਆਉਣ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿੱਥੇ "ਸੀਐਮ ਦੀ ਯੋਗਸ਼ਾਲਾ" ਦਾ ਲਾਭ ਪੰਜਾਬ ਦੇ ਲਗਭਗ 50 ਹਜ਼ਾਰ ਲੋਕ ਲੈ ਰਹੇ ਹਨ, ਉੱਥੇ ਹੀ ਇਨ੍ਹਾਂ ਇਲਾਜ ਕਰਵਾ ਰਹੇ ਮਰੀਜਾਂ ਨੂੰ ਵੀ ਯੋਗਾ ਦੀਆਂ ਕਲਾਸਾਂ ਲਗਵਾ ਕੇ ਸਵੇਰ ਸ਼ਾਮ ਯੋਗਾ ਕਰਵਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਆਮ ਜ਼ਿੰਦਗੀ ਵਿਚ ਵਾਪਿਸ ਲਿਆਉਣ ਲਈ ਨਸ਼ਾ ਛੱਡ ਚੁੱਕੇ ਨੌਜ਼ਵਾਨਾਂ ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਸਵੈ-ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ।
ਇਸ ਮੌਕੇ ਐਸ.ਐਸ.ਪੀ ਸ.ਗੁਲਨੀਤ ਸਿੰਘ ਖੁਰਾਣਾ, ਆਰ.ਟੀ.ਓ. ਰੂਪਨਗਰ ਸ. ਗੁਰਵਿੰਦਰ ਸਿੰਘ ਜੌਹਲ, ਸਿਵਲ ਸਰਜਨ ਡਾ.ਮਨੂ ਵਿੱਜ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਡਿਪਟੀ ਮੈਡੀਕਲ ਅਫ਼ਸਰ ਡਾ. ਬਲਦੇਵ ਸਿੰਘ, ਡੀ.ਐੱਸ.ਪੀ ਹਰਪਿੰਦਰ ਗਿੱਲ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਅਤੇ ਸਮੂਹ ਸਟਾਫ ਹਾਜ਼ਰ ਸੀ।