← ਪਿਛੇ ਪਰਤੋ
ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਜੋਗਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 4 ਅਗਸਤ 2024- ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬੀ ਅਖ਼ਬਾਰ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਜੋਗਿੰਦਰ ਸਿੰਘ (83) ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਸਨ ਅਤੇ ਅੱਜ ਸ਼ਾਮ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਇੱਥੋਂ ਜਾਰੀ ਆਪਣੇ ਸੋਗ ਸੁਨੇਹੇ ਵਿੱਚ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਕਿਹਾ ਕਿ ਸ. ਜੋਗਿੰਦਰ ਸਿੰਘ ਸਾਰੀ ਜ਼ਿੰਦਗੀ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਲਈ ਲੜਦੇ ਰਹੇ ਅਤੇ ਉਨ੍ਹਾਂ ਨੇ ਇਸ ਦਿਸ਼ਾ ਵਿੱਚ ਆਪਣਾ ਸੰਘਰਸ਼ ਨਿਰੰਤਰ ਜਾਰੀ ਰੱਖਿਆ। ਉਨ੍ਹਾਂ ਕਿਹਾ ਕਿ ਸ. ਜੋਗਿੰਦਰ ਸਿੰਘ ਦੇ ਅਕਾਲ ਚਲਾਣੇ ਨਾਲ ਪੈਦਾ ਹੋਏ ਖਲਾਅ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ। ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਆਪਣੇ ਪਿੱਛੇ ਪਰਿਵਾਰ ਵਿੱਚ ਪਤਨੀ ਅਤੇ ਦੋ ਧੀਆਂ ਛੱਡ ਗਏ ਹਨ।
Total Responses : 25565