ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ਵਿੱਚ 400 ਤੋਂ ਵੱਧ ਸ਼ਿਕਾਇਤਾਂ ਸੁਣੀਆਂ
ਫੌਰੀ ਕਾਰਵਾਈ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 11 ਅਗਸਤ 2024 : ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿੱਚ ਜਨਤਾ ਦਰਬਾਰ ਦਾ ਆਯੋਜਨ ਕੀਤਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਜਿੰਪਾ ਨੇ ਲੋਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਆਪਣੇ ਦਫ਼ਤਰ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ 400 ਦੇ ਕਰੀਬ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ। ਪ੍ਰਾਪਤ ਹੋਈਆਂ ਜ਼ਿਆਦਾਤਰ ਸ਼ਿਕਾਇਤਾਂ ਸਥਾਨਕ ਵਿਕਾਸ ਕਾਰਜਾਂ, ਪਾਣੀ ਅਤੇ ਬਿਜਲੀ ਸਪਲਾਈ, ਸੜਕਾਂ ਦੇ ਸੁਧਾਰ, ਸੈਨੀਟੇਸ਼ਨ, ਸਿਹਤ ਸੇਵਾਵਾਂ, ਮਾਲੀਆ ਅਤੇ ਹੋਰ ਨਾਗਰਿਕ ਮੁੱਦਿਆਂ ਨਾਲ ਸਬੰਧਤ ਸਨ।
ਜਨਤਾ ਦਰਬਾਰ ਵਿੱਚ ਬ੍ਰਹਮ ਸ਼ੰਕਰ ਜਿੰਪਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਸਾਰੀਆਂ ਸ਼ਿਕਾਇਤਾਂ ਨੂੰ ਜਲਦੀ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਹਿੱਤਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।
ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਇਨ੍ਹਾਂ ਦੇ ਹੱਲ ਵਿੱਚ ਕਿਸੇ ਕਿਸਮ ਦੀ ਦੇਰੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਜਨਤਾ ਦੀ ਭਲਾਈ ਹੈ ਅਤੇ ਕਿਸੇ ਵੀ ਨਾਗਰਿਕ ਦੀ ਸਮੱਸਿਆ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਨਤਾ ਦਰਬਾਰ ਇੱਕ ਅਜਿਹਾ ਮਾਧਿਅਮ ਹੈ ਜਿਸ ਰਾਹੀਂ ਉਹ ਸਿੱਧੇ ਤੌਰ 'ਤੇ ਜਨਤਾ ਨਾਲ ਜੁੜ ਸਕਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਲਗਾਤਾਰ ਕਰਵਾਏ ਜਾਣਗੇ ਤਾਂ ਜੋ ਸਰਕਾਰ ਅਤੇ ਜਨਤਾ ਦਰਮਿਆਨ ਦੂਰੀ ਘਟੇ ਅਤੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਇਧਰ-ਉਧਰ ਭਟਕਣਾ ਨਾ ਪਵੇ।
ਕੈਬਨਿਟ ਮੰਤਰੀ ਨੇ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਨਤਕ ਸ਼ਿਕਾਇਤਾਂ ਦੇ ਤੁਰੰਤ ਅਤੇ ਪ੍ਰਭਾਵੀ ਹੱਲ ਨੂੰ ਯਕੀਨੀ ਬਣਾਉਣ ਅਤੇ ਹਰੇਕ ਸ਼ਿਕਾਇਤ ਦਾ ਵਿਅਕਤੀਗਤ ਤੌਰ 'ਤੇ ਫਾਲੋ-ਅੱਪ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡੀਐਸਪੀ ਅਮਰਨਾਥ, ਵਰਿੰਦਰ ਸ਼ਰਮਾ ਬਿੰਦੂ, ਸਤਵੰਤ ਸਿੰਘ ਸਿਆਣ ਵੀ ਹਾਜ਼ਰ ਸਨ।