ਪ੍ਰਧਾਨ ਮੰਤਰੀ ਨਰਿੰਦਰ ਮੋਦੀ 78ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਅਗਸਤ ਨੂੰ ਦਿੱਲੀ ਦੇ ਇਤਿਹਾਸਕ ਲਾਲ ਕਿਲੇ ਤੋਂ ਰਾਸ਼ਟਰੀ ਝੰਡਾ ਲਹਿਰਾਉਣਗੇ
ਨਵੀਂ ਦਿੱਲੀ, 14 ਅਗਸਤ 2024 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 78ਵੇਂ ਸੁਤੰਤਰਤਾ ਦਿਵਸ ਮੌਕੇ ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ ਤੋਂ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਸਾਲ ਦੇ ਸੁਤੰਤਰਤਾ ਦਿਵਸ ਦੀ ਥੀਮ ਵਿਕਸਤ ਭਾਰਤ@2047 ਹੈ। ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਇਹ ਸਮਾਰੋਹ 2047 ਤੱਕ ਦੇਸ਼ ਨੂੰ ਇੱਕ ਵਿਕਸਤ ਰਾਸ਼ਟਰ ਵਿੱਚ ਬਦਲਣ ਲਈ ਸਰਕਾਰ ਦੇ ਯਤਨਾਂ ਨੂੰ ਨਵਾਂ ਹੁਲਾਰਾ ਦੇਣ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰੇਗਾ।
ਇਸ ਮੌਕੇ ਲਾਲ ਕਿਲ੍ਹੇ 'ਤੇ ਆਯੋਜਿਤ ਸਮਾਰੋਹ ਨੂੰ ਦੇਖਣ ਲਈ ਕਰੀਬ ਛੇ ਹਜ਼ਾਰ ਵਿਸ਼ੇਸ਼ ਮਹਿਮਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਨੌਜਵਾਨਾਂ, ਆਦਿਵਾਸੀ ਭਾਈਚਾਰੇ, ਕਿਸਾਨਾਂ, ਔਰਤਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਲੋਕਾਂ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦਿਆ ਗਿਆ ਹੈ। ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨੂੰ ਵੀ ਸਮਾਗਮ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ।
ਇਸ ਸ਼ਾਨਦਾਰ ਸਮਾਰੋਹ ਨੂੰ ਦੇਖਣ ਲਈ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਲਗਭਗ ਦੋ ਹਜ਼ਾਰ ਲੋਕਾਂ ਨੂੰ ਵੀ ਰਵਾਇਤੀ ਪਹਿਰਾਵੇ ਵਿੱਚ ਸੱਦਾ ਦਿੱਤਾ ਗਿਆ ਹੈ। MyGov ਅਤੇ ਆਲ ਇੰਡੀਆ ਰੇਡੀਓ ਦੇ ਸਹਿਯੋਗ ਨਾਲ ਰੱਖਿਆ ਮੰਤਰਾਲੇ ਦੁਆਰਾ ਆਯੋਜਿਤ ਵੱਖ-ਵੱਖ ਆਨਲਾਈਨ ਮੁਕਾਬਲਿਆਂ ਦੇ ਤਿੰਨ ਹਜ਼ਾਰ ਜੇਤੂ ਵੀ ਸਮਾਰੋਹ ਦਾ ਹਿੱਸਾ ਹੋਣਗੇ। ਸਮਾਰੋਹ ਵਿੱਚ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ ਦੇ ਕੁੱਲ ਦੋ ਹਜ਼ਾਰ ਕੈਡਿਟ ਵੀ ਹਿੱਸਾ ਲੈਣਗੇ।