ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਵੱਡੇ ਫ਼ੈਸਲੇ, ਪੜ੍ਹੋ ਵੇਰਵਾ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵਧਾ ਦਿੱਤਾ ਹੈ। ਵੀਰਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੈਟਰੋਲ 'ਤੇ ਵੈਟ 'ਚ 61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 92 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰ ਨੂੰ ਪੈਟਰੋਲ ਤੋਂ 150 ਕਰੋੜ ਰੁਪਏ ਅਤੇ ਡੀਜ਼ਲ ਤੋਂ 392 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ।
ਇਸ ਤੋਂ ਇਲਾਵਾ 3 ਰੁਪਏ ਪ੍ਰਤੀ ਯੂਨਿਟ ਬਿਜਲੀ ਸਬਸਿਡੀ ਵੀ ਵਾਪਸ ਲੈ ਲਈ ਗਈ ਹੈ। ਇਹ ਦੋਹਰੀ ਸਬਸਿਡੀ ਸੀ। ਸਰਕਾਰ ਨੇ ਇਸ ਨੂੰ ਬੰਦ ਕਰ ਦਿੱਤਾ ਹੈ। ਹਾਲਾਂਕਿ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੀ ਯੋਜਨਾ ਜਾਰੀ ਰਹੇਗੀ।
ਹਰਪਾਲ ਚੀਮਾ ਨੇ ਕਿਹਾ ਕਿ, ਮੀਟਿੰਗ ਦੌਰਾਨ ਪੰਜਾਬ ਦੀ ਖੇਤੀਬਾੜੀ ਪਾਲਿਸੀ ਨੂੰ ਲੈ ਕੇ ਚਰਚਾ ਕੀਤੀ ਗਈ ਕਿ ਕਿਸ ਤਰ੍ਹਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲਾ ਪਾਣੀ ਬਚਾ ਕੇ ਰੱਖਣਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਜ਼ਿਆਦਾਤਰ ਬਲਾਕ ਡੇਂਜਰ ਜ਼ੋਨ 'ਚ ਚਲੇ ਗਏ ਹਨ ਅਤੇ ਧਰਤੀ ਹੇਠੋਂ ਪਾਣੀ ਖਿੱਚਣਾ ਬੇਹੱਦ ਮੁਸ਼ਕਲ ਹੋ ਗਿਆ ਹੈ।
ਚੀਮਾ ਨੇ ਕਿਹਾ, ਕਿਸਾਨਾਂ ਨੂੰ ਮਿਲਣ ਮਗਰੋਂ ਬਹੁਤ ਜਲਦੀ ਪੰਜਾਬ ਦੀ ਖੇਤੀਬਾੜੀ ਪਾਲਿਸੀ ਬਾਰੇ ਐਲਾਨ ਕੀਤਾ ਜਾਵੇਗਾ ਪਰ ਸਭ ਤੋਂ ਪਹਿਲਾਂ ਕਿਸਾਨਾਂ ਦਾ ਸਲਾਹ ਲਈ ਜਾਵੇਗੀ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ 'ਚ ਤਿੰਨ ਪਹੀਆ ਗੁੱਡਜ਼ ਗੱਡੀਆਂ ਨੂੰ ਵੀ ਵੱਡੀ ਰਾਹਤ ਮਿਲੀ ਹੈ। ਇਸ ਤੋਂ ਪਹਿਲਾਂ ਇਨ੍ਹਾਂ ਤੋਂ 3 ਮਹੀਨੇ ਦਾ ਟੈਕਸ ਵਸੂਲ ਕੀਤਾ ਜਾਂਦਾ ਸੀ ਪਰ ਹੁਣ ਇਹ ਫ਼ੈਸਲਾ ਲਿਆ ਗਿਆ ਹੈ ਕਿ ਜਿਹੜੇ ਪੁਰਾਣੇ ਵਾਹਨ ਹਨ, ਉਨ੍ਹਾਂ 'ਤੇ 3 ਮਹੀਨੇ ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ। ਹੁਣ ਇਕ ਸਾਲ ਦਾ ਇਕੱਠਾ ਟੈਕਸ ਲਿਆ ਜਾਵੇਗਾ।
ਨਵੇਂ ਵਾਹਨਾਂ 'ਤੇ ਜੇਕਰ 4 ਸਾਲ ਦਾ ਇਕੱਠੇ ਟੈਕਸ ਭਰਿਆ ਜਾਂਦਾ ਹੈ ਤਾਂ ਉਨ੍ਹਾਂ ਨੂੰ 10 ਫ਼ੀਸਦੀ ਤੱਕ ਦੀ ਛੋਟ ਦਿੱਤੀ ਜਾਵੇਗੀ। ਇਸੇ ਤਰ੍ਹਾਂ 8 ਸਾਲ ਦੇ ਇਕੱਠੇ ਟੈਕਸ ਭਰਨ 'ਤੇ 20 ਫ਼ੀਸਦੀ ਛੋਟ ਦਿੱਤੀ ਜਾਵੇਗੀ।