ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ: ਜਿੰਪਾ
- ਲੋਕ ਪੱਖੀ ਫੈਸਲੇ ਲੈਣੇ ਸਰਕਾਰ ਦੀ ਪਹਿਲ: ਮਾਲ ਮੰਤਰੀ
ਚੰਡੀਗੜ੍ਹ, 5 ਸਤੰਬਰ 2024 - ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨ ਨੂੰ ਇਕ ਮਿਸਾਲੀ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਬਹੁਤ ਸਾਰੇ ਲੋਕ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਲਈ ਖੱਜਲ ਖੁਆਰ ਹੋ ਰਹੇ ਸਨ ਅਤੇ ਲੋਕਾਂ ਦੀ ਇਸ ਮੁਸ਼ਕਿਲ ਦਾ ਹੱਲ ਕਰਦਿਆਂ ਬੀਤੇ ਦਿਨੀਂ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਪਾਸ ਕਰ ਦਿੱਤਾ ਗਿਆ ਹੈ ਜਿਸ ਤਹਿਤ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ।
ਜਿੰਪਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣੀ ਹੈ ਉਦੋਂ ਤੋਂ ਹੀ ਪਹਿਲ ਦੇ ਆਧਾਰ ਉੱਤੇ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਨ.ਓ.ਸੀ. ਦੀ ਸ਼ਰਤ ਖਤਮ ਹੋ ਜਾਣ ਨਾਲ ਛੋਟੇ ਪਲਾਟ ਮਾਲਕਾਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿੱਚ ਦਰਪੇਸ਼ ਸਮੱਸਿਆ ਖਤਮ ਹੋ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀਆਂ ਉਤੇ ਰੋਕ ਲੱਗੇਗੀ। ਇਸ ਨਾਲ ਸਰਕਾਰੀ ਖਜ਼ਾਨੇ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਏ ਇਸ ਇਤਿਹਾਸਕ ਫੈਸਲੇ ਦਾ ਮਨੋਰਥ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਜਿੰਪਾ ਨੇ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਨ ਲਈ ਸਾਰੇ ਵਿਧਾਇਕਾਂ ਖਾਸ ਤੌਰ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ੁਕਰੀਆ ਅਦਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਨਵੀਂ ਸੋਧ ਮੁਤਾਬਕ ਕੋਈ ਵੀ ਵਿਅਕਤੀ ਜਿਸ ਨੇ 31 ਜੁਲਾਈ, 2024 ਤੱਕ ਅਣ-ਅਧਿਕਾਰਤ ਕਲੋਨੀ ਵਿੱਚ 500 ਵਰਗ ਗਜ਼ ਤੱਕ ਦੇ ਪਲਾਟ ਲਈ, ਇੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ 'ਤੇ ਵੇਚਣ ਲਈ ਇਕਰਾਰਨਾਮਾ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਜਿਸ ਨੂੰ ਸਰਕਾਰ ਨੋਟੀਫਿਕੇਸ਼ਨ ਦੁਆਰਾ ਨਿਰਧਾਰਤ ਕਰ ਸਕਦੀ ਹੈ, ਰਾਹੀਂ ਇਕਰਾਰਨਾਮਾ ਕੀਤਾ ਹੈ, ਉਸ ਰਕਬੇ ਲਈ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ। ਇਸ ਜਾਇਦਾਦ ਦਾ ਮਾਲਕ ਆਪਣੇ ਪਲਾਟ ਦੀ ਰਜਿਸਟਰੀ ਸਬੰਧਤ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਕੋਲ ਕਰਵਾ ਸਕਦਾ ਹੈ ਅਤੇ ਅਜਿਹੇ ਰਕਬੇ ਨੂੰ ਰਜਿਸਟਰ ਕਰਵਾਉਣ ਸਬੰਧੀ ਇਹ ਛੋਟ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਰਾਹੀਂ ਨੋਟੀਫਾਈ ਕੀਤੀ ਗਈ ਮਿਤੀ ਤੱਕ ਲਾਗੂ ਹੋਵੇਗੀ।
ਇਸ ਰਜਿਸਟ੍ਰੇਸ਼ਨ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਸਬੰਧਤ ਵਿਕਾਸ ਅਥਾਰਟੀ ਜਾਂ ਸਥਾਨਕ ਸਰਕਾਰ ਵਿਭਾਗ ਦੀ ਸਬੰਧਤ ਸਥਾਨਕ ਸ਼ਹਿਰੀ ਸੰਸਥਾ ਤੋਂ ਐਨ.ਓ.ਸੀ. ਪ੍ਰਾਪਤ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ।
ਮਾਲ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।
ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ 8184900002 ਨੰਬਰ ਜਾਰੀ ਕੀਤਾ ਗਿਆ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ।