ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ, ਅਰਬਨ ਅਸਟੇਟ ਦਾ ਕੀਤਾ ਅਚਨਚੇਤ ਨਿਰੀਖਣ
ਪਟਿਆਲਾ, 9 ਸਤੰਬਰ 2024- ਪੰਜਾਬ ਦੇ ਨਾਗਰਿਕਾਂ ਲਈ ਉੱਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ, ਪਟਿਆਲਾ ਵਿਖੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਇਸ ਨਿਰੀਖਣ ਦਾ ਉਦੇਸ਼ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦਾ ਮੁਲਾਂਕਣ ਕਰਨਾ ਅਤੇ ਇਹ ਯਕੀਨੀ ਬਣਾਉਣਾ ਸੀ ਕਿ ਨੇੜਲੇ ਵਸਨੀਕਾਂ ਨੂੰ ਸਿਹਤ ਸੰਭਾਲ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਆਪਣੇ ਦੌਰੇ ਦੌਰਾਨ, ਡਾ. ਬਲਬੀਰ ਸਿੰਘ ਨੇ ਕਲੀਨਿਕ ਵਿੱਚ ਦਵਾਈਆਂ ਦੀ ਉਪਲਬਧਤਾ ਅਤੇ ਟੈਸਟਿੰਗ ਸਹੂਲਤਾਂ ਦੀ ਗੁਣਵੱਤਾ ਤੋਂ ਸੰਤੁਸ਼ਟੀ ਦਾ ਪਤਾ ਲਗਾਉਣ ਲਈ ਕਈ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਸਮੇਂ ਮਰੀਜ਼ਾਂ ਨੇ ਕਲੀਨਿਕ ਦੇ ਸਟਾਫ਼ ਦੇ ਯਤਨਾਂ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਦੀ ਸ਼ਲਾਘਾ ਕਰਦੇ ਹੋਏ, ਪ੍ਰਦਾਨ ਕੀਤੀਆਂ ਸੇਵਾਵਾਂ ਤੋਂ ਆਪਣੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।
ਸਿਹਤ ਮੰਤਰੀ ਨੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀ ਮੌਜੂਦਗੀ ਅਤੇ ਕਾਰਗੁਜ਼ਾਰੀ ਦਾ ਮੌਕੇ 'ਤੇ ਜਾਇਜ਼ਾ ਵੀ ਲਿਆ, ਅਤੇ ਉਨ੍ਹਾਂ ਨੇ ਕੁਸ਼ਲ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਮੇਂ ਦੀ ਪਾਬੰਦਤਾ ਅਤੇ ਸਮਰਪਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।ਇਸ ਦੌਰਾਨ ਸਿਹਤ ਮੰਤਰੀ ਨੇ ਕਲੀਨਿਕ ਵਿੱਚ ਤੇ ਇਸਦੇ ਆਲੇ ਦੁਆਲੇ ਪਾਣੀ ਦੇ ਸਰੋਤ ਵੀ ਚੈਕ ਕੀਤੇ ਤੇ ਲੋਕਾਂ ਨੂੰ ਸਮਝਾਇਆ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਤੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ ਤਾਂ ਕਿ ਡੇਂਗੂ ਤੋਂ ਬਚਿਆ ਜਾ ਸਕੇ।
ਇਸ ਮੌਕੇ ਬੋਲਦਿਆਂ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਦੱਸਿਆ ਕਿ “ਹਰ ਨਾਗਰਿਕ ਦੇ ਦਰਵਾਜ਼ੇ 'ਤੇ ਪਹੁੰਚਯੋਗ ਅਤੇ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਇਹ ਸੁਨਿਸ਼ਚਿਤ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਸਭ ਤੋਂ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।
ਉਨ੍ਹਾਂ ਅੱਗੇ ਕਿਹਾ, "ਪੰਜਾਬ ਸਰਕਾਰ ਰਾਜ ਭਰ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਸਥਾਪਤ ਕਰਨ ਲਈ ਵਚਨਬੱਧ ਹੈ, ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਮਰੀਜ਼ ਨੂੰ ਆਧੁਨਿਕ ਅਤੇ ਵਿਆਪਕ ਸਿਹਤ ਸੇਵਾਵਾਂ ਦੀ ਪਹੁੰਚ ਹੋਵੇ।" ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ “ਇਹ ਯਕੀਨੀ ਬਣਾਉਣ ਲਈ ਕਿ ਆਮ ਆਦਮੀ ਕਲੀਨਿਕ ਲੋਕਾਂ ਦੀਆਂ ਉਮੀਦ ਤੇ ਮਾਪਦੰਡਾਂ ਨੂੰ ਪੂਰਾ ਕਰਦੇ ਹਨ, ਇਸ ਲਈ, ਅਚਨਚੇਤ ਨਿਰੀਖਣ ਰਾਜ ਭਰ ਵਿੱਚ ਸਿਹਤ ਸੰਭਾਲ ਸੰਸਥਾਵਾਂ ਦੀ ਕਾਰਗੁਜ਼ਾਰੀ ਦੀ ਨਿਗਰਾਨੀ ਕਰਨ ਲਈ ਸਰਕਾਰ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ।