ਪੰਜਾਬ ਨੇ ਆਯੂਸ਼ਮਾਨ ਹੈਲਥ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ: ਡਾ. ਬਲਜੀਤ ਕੌਰ
ਚੰਡੀਗੜ੍ਹ, 12 ਸਤੰਬਰ 2024 - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਆਧਾਰ ਤਸਦੀਕ ਸਬੰਧੀ ਨਵਾਂ ਮੀਲ ਪੱਥਰ ਸਥਾਪਤ ਕਰਨ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਡੇ 98 ਫ਼ੀਸਦ ਸਮਰਪਿਤ ਕਰਮਚਾਰੀ ਹੁਣ ਆਧਾਰ ਪ੍ਰਮਾਣਿਤ ਹਨ ਜਿਸ ਨਾਲ ਇਹਨਾਂ ਕਰਮਚਾਰੀਆਂ ਲਈ ਵਿਆਪਕ ਸਿਹਤ ਸੰਭਾਲ ਕਵਰੇਜ ਨੂੰ ਯਕੀਨੀ ਬਣਾਉਣ ਲਈ ਆਯੁਸ਼ਮਾਨ ਭਾਰਤ ਸਿਹਤ ਕਾਰਡ ਜਾਰੀ ਕਰਨ ਦਾ ਰਸਤਾ ਪੱਧਰਾ ਹੋ ਗਿਆ ਹੈ।
ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੀਲ ਪੱਥਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਸੂਬੇ ਭਰ ਵਿੱਚ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਅਤੇ ਤੰਦਰੁਸਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਆਯੁਸ਼ਮਾਨ ਭਾਰਤ ਯੋਜਨਾ ਰਾਹੀਂ ਮਿਆਰੀ ਸਿਹਤ ਸੰਭਾਲ ਸਹੂਲਤ ਪ੍ਰਦਾਨ ਕਰਕੇ ਇਹ ਪਹਿਲਕਦਮੀ ਇਨ੍ਹਾਂ ਕਰਮਚਾਰੀਆਂ ਨੂੰ ਸਮਾਜ ਪ੍ਰਤੀ ਆਪਣੀ ਵਡਮੁੱਲੀ ਸੇਵਾ ਜਾਰੀ ਰੱਖਣ ਦੇ ਸਮਰੱਥ ਬਣਾਉਂਦੀ ਹੈ।
ਮੰਤਰੀ ਨੇ ਸਾਰੀ ਟੀਮ ਦੀ ਸਖ਼ਤ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਬੜੇ ਮਾਣ ਦੀ ਗੱਲ ਹੈ ਅਤੇ ਆਧਾਰ ਤਸਦੀਕ ਲਗਭਗ ਮੁਕੰਮਲ ਹੋਣ ਨਾਲ, ਅਸੀਂ ਹੁਣ ਆਪਣੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਯੁਸ਼ਮਾਨ ਭਾਰਤ ਸਿਹਤ ਕਾਰਡ ਤੇਜ਼ੀ ਨਾਲ ਜਾਰੀ ਕਰ ਸਕਦੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹਨਾਂ ਨੂੰ ਸਿਹਤ ਸੰਭਾਲ ਸਹਾਇਤਾ ਮਿਲੇ ਜਿਸ ਦੇ ਉਹ ਹੱਕਦਾਰ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਸਮਾਜ ਲਈ ਅਣਥੱਕ ਸੇਵਾਵਾਂ ਨਿਭਾਉਂਦੇ ਹਨ ਅਤੇ ਅਸੀਂ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹਾਂ।
ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਭਾਰਤ ਯੋਜਨਾ ਪ੍ਰਤੀ ਪਰਿਵਾਰ 5 ਲੱਖ ਰੁਪਏ ਤੱਕ ਦੀ ਸਾਲਾਨਾ ਸਿਹਤ ਕਵਰੇਜ ਪ੍ਰਦਾਨ ਕਰਦੀ ਹੈ, ਅਤੇ ਇਹ ਪਹਿਲਕਦਮੀ ਇਹ ਯਕੀਨੀ ਬਣਾਏਗੀ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਨਕਦ ਰਹਿਤ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਸਿਹਤ ਵਿਭਾਗ ਨਾਲ ਮਿਲ ਕੇ ਇਨ੍ਹਾਂ ਕਾਰਡਾਂ ਨੂੰ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆ ਰਿਹਾ ਹੈ ਤਾਂ ਜੋ ਕੋਈ ਵੀ ਕਰਮਚਾਰੀ ਪਿੱਛੇ ਨਾ ਰਹੇ।
ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਆਉਣ ਵਾਲੇ ਦਿਨਾਂ ਵਿੱਚ 100 ਫ਼ੀਸਦ ਆਧਾਰ ਵੈਰੀਫਿਕੇਸ਼ਨ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਯਤਨਸ਼ੀਲ ਹੈ।