ਜੇਪੀ ਨੱਡਾ ਨੇ ਮੁੱਖ ਮੰਤਰੀ ਮਾਨ ਨੂੰ ਆਯੂਸ਼ਮਾਨ ਭਾਰਤ ਪ੍ਰੋਗਰਾਮ ਤਹਿਤ ਹਸਪਤਾਲਾਂ ਦੇ ਬਕਾਏ ਕਲੀਅਰ ਕਰਨ ਦੀ ਕੀਤੀ ਅਪੀਲ
ਨਵੀਂ ਦਿੱਲੀ, 20 ਸਤੰਬਰ, 2024: ਕੇਂਦਰੀ ਸਿਹਤ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇਪੀ ਨੱਡਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਯੂਸ਼ਮਾਨ ਭਾਰਤ ਪ੍ਰੋਗਰਾਮ ਤਹਿਤ ਹਸਪਤਾਲਾਂ ਦੇ ਬਕਾਏ ਦੀ ਅਦਾਇਗੀ ਕਰਨ ਦੀ ਅਪੀਲ ਕੀਤੀ ਹੈ।
ਪੰਜਾਬ ਵਿੱਚ ਪ੍ਰਾਈਵੇਟ ਹਸਪਤਾਲ ਅਤੇ ਨਰਸਿੰਗ ਹੋਮਜ਼ ਐਸੋਸੀਏਸ਼ਨ (PHANA) ਦੁਆਰਾ ਸਰਕਾਰ ਦੀਆਂ ਸਿਹਤ ਬੀਮਾ ਯੋਜਨਾਵਾਂ ਦੇ ਤਹਿਤ ਨਕਦ ਰਹਿਤ ਇਲਾਜਾਂ ਨੂੰ ਰੋਕਣ ਦੇ ਐਲਾਨ 'ਤੇ ਪ੍ਰਤੀਕ੍ਰਿਆ ਦਿੰਦੇ ਹੋਏ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਕਰ ਭਗਵੰਤ ਮਾਨ ਨੂੰ ਹਸਪਤਾਲਾਂ ਦੇ ਬਕਾਏ ਜਲਦੀ ਤੋਂ ਜਲਦੀ ਕਲੀਅਰ ਕਰਨ ਦੀ ਅਪੀਲ ਕੀਤੀ, ਕਿਉਂਕਿ ਬਹੁਤ ਸਾਰੇ ਪਰਿਵਾਰ ਹਨ, ਖਾਸ ਕਰਕੇ ਮਿਹਨਤੀ ਕਿਸਾਨ, ਜੋ ਆਯੂਸ਼ਮਾਨ ਭਾਰਤ ਪ੍ਰੋਗਰਾਮ ਤਹਿਤ ਲਾਭ ਲੈ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਵਿਚ ਪਾਰਟੀ ਇਕਾਈ ਨੂੰ ਖੁਸ਼ ਕਰਨ ਦੀ ਬਜਾਏ ਪੰਜਾਬ ਦੇ ਹਾਲਾਤਾਂ 'ਤੇ ਧਿਆਨ ਦੇਣਾ ਸਮਝਦਾਰੀ ਦੀ ਗੱਲ ਹੋਵੇਗੀ। ਜੇਪੀ ਨੱਡਾ ਨੇ ਕਿਹਾ, "ਆਯੁਸ਼ਮਾਨ ਭਾਰਤ ਦੀ ਸੰਕਲਪ ਆਰਥਿਕ ਤੌਰ 'ਤੇ ਪਛੜੇ ਪਰਿਵਾਰਾਂ ਨੂੰ ਯਕੀਨੀ ਮੈਡੀਕਲ ਕਵਰ ਨਾਲ ਸਹਾਇਤਾ ਕਰਨ ਲਈ ਬਣਾਇਆ ਗਿਆ ਸੀ।" ਮੁੱਖ ਮੰਤਰੀ ਮਾਨ ਨੂੰ ਸਵਾਲ ਕਰਦਿਆਂ ਨੱਡਾ ਨੇ ਕਿਹਾ ਕਿ ਮਾਨ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਦੇ ਬਕਾਏ ਕਿਉਂ ਨਹੀਂ ਭਰੇ? ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਹੋਰ ਕਲੀਨਿਕਾਂ ਅਤੇ ਸਿਹਤ ਕੇਂਦਰਾਂ ਦਾ ਵਾਅਦਾ ਕੀਤਾ ਸੀ, ਪਰ ਅੱਜ ਉਨ੍ਹਾਂ ਦੀ ਸਰਕਾਰ ਗਰੀਬਾਂ ਲਈ ਕੰਮ ਨਹੀਂ ਕਰ ਸਕਦੀ।
“ਨੱਡਾ ਨੇ ਕਿਹਾ, ਮੈਂ ਮੁੱਖ ਮੰਤਰੀ ਮਾਨ ਨੂੰ ਹਸਪਤਾਲਾਂ ਦੇ ਬਕਾਏ ਜਲਦੀ ਤੋਂ ਜਲਦੀ ਅਦਾ ਕਰਨ ਦੀ ਅਪੀਲ ਕਰਦਾ ਹਾਂ। ਗੌਰਤਲਬ ਹੈ ਕਿ ਵੀਰਵਾਰ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੀ ਕੁੱਲ ਬਕਾਇਆ ਰਾਸ਼ੀ 364 ਕਰੋੜ ਰੁਪਏ ਹੈ।
ਬਲਬੀਰ ਸਿੰਘ ਨੇ ਕਿਹਾ ਕਿ ਬਕਾਇਆ ਅਦਾਇਗੀਆਂ ਦੇ ਵੇਰਵਿਆਂ ਤੋਂ ਪਤਾ ਲੱਗਦਾ ਹੈ ਕਿ ਸਰਕਾਰੀ ਹਸਪਤਾਲਾਂ ਦਾ 166.67 ਕਰੋੜ ਰੁਪਏ ਅਤੇ ਪ੍ਰਾਈਵੇਟ ਹਸਪਤਾਲਾਂ ਦਾ 197 ਕਰੋੜ ਰੁਪਏ ਬਕਾਇਆ ਹੈ। ਨਿੱਜੀ ਹਸਪਤਾਲਾਂ ਨੇ 600 ਕਰੋੜ ਰੁਪਏ ਦੇ ਬਕਾਏ ਦਾ ਦਾਅਵਾ ਕੀਤਾ ਹੈ, ਜਿਸ ਨੂੰ ਮੰਤਰੀ ਨੇ ‘ਝੂਠਾ ਅਤੇ ਗੁੰਮਰਾਹਕੁੰਨ’ ਕਰਾਰ ਦਿੱਤਾ ਹੈ। ਇਸ ਵਿਵਾਦ ਕਾਰਨ ਕਈ ਨਿੱਜੀ ਹਸਪਤਾਲਾਂ ਨੇ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਬੰਦ ਕਰ ਦਿੱਤਾ ਹੈ।