ਵਿਜੀਲੈਂਸ ਵੱਲੋਂ 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ
ਚੰਡੀਗੜ, 4 ਅਕਤੂਬਰ 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਪਲਾਟ ਖਰੀਦਿਆ ਸੀ। ਅੱਗ ਬੁਝਾਊ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਦੋਸ਼ੀ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤਹਿ ਹੋਇਆ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ