ਅਕਾਲੀ ਵਰਕਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਦਾ ਮਾਮਲਾ! ਸੁਖਬੀਰ ਬਾਦਲ ਨੇ ਸਰਕਾਰ 'ਤੇ ਲਾਏ ਗੰਭੀਰ ਇਲਜ਼ਾਮ
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ, 2024: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਚਾਇਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਦਫ਼ਤਰ, ਸ੍ਰੀ ਮੁਕਤਸਰ ਸਾਹਿਬ ਵਿਖੇ ਦਿੱਤੇ ਵਿਸ਼ਾਲ ਧਰਨੇ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਮੀਦਵਾਰਾਂ ਦੀਆਂ ਲਿਸਟਾਂ ਸੋਧਣ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕਰਨ ਦਾ ਅਲਟੀਮੇਟਮ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਲੋਕਤੰਤਰ ਦੇ ਕਤਲ ਦੇ ਵਿਰੋਧ ਵਿੱਚ 10 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਿੱਦੜਬਾਹਾ ਵਿੱਚ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਸੱਤਾਧਾਰੀ ਧਿਰ ਨੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੀ ਪਹੁੰਚ ਕਰਨ ਜਾ ਰਿਹਾ ਹੈ।