ਫਲਾਇੰਗ ਸਕੈਅਡ ਟੀਮਾਂ ਅਤੇ ਅਧਿਕਾਰੀ ਪਰਾਲੀ ਨਾ ਸਾੜਨ ਲਈ ਮੈਦਾਨ ਵਿੱਚ ਡਟੇ
- ਸਰਜੇਚੱਕ, ਖੱਦਰ, ਨੂਰਪੁਰ, ਅਲਾਵਲਪੁਰ, ਰੁਡਿਆਣਾ ਪਿੰਡਾਂ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ 'ਤੇ ਬੁਝਾਇਆ
ਰੋਹਿਤ ਗੁਪਤਾ
ਕਲਾਨੌਰ/ਗੁਰਦਾਸਪੁਰ, 2 ਨਵੰਬਰ 2024 - ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਫਲਾਇੰਗ ਸਕੈਅਡ ਟੀਮਾਂ ਅਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ਤੇ ਬੁਝਾਇਆ ਜਾ ਰਿਹਾ ਹੈ।
ਇਸ ਸਬੰਧੀ ਗੱਲ ਕਰਦਿਆਂ ਐਸ.ਡੀ.ਐਮ ਕਲਾਨੋਰ, ਮੈਡਮ ਜਯੋਤਸਨਾ ਸਿੰਘ ਨੇ ਦੱਸਿਆ ਕਿ ਕਲਾਨੋਰ ਦੇ ਨੇੜਲੇ ਪਿੰਡਾਂ ਸਰਜੇਚੱਕ, ਖੱਦਰ, ਨੂਰਪੁਰ, ਅਲਾਵਲਪੁਰ ਤੇ ਰੁਡਿਆਣਾ ਵਿਖੇ ਖੇਤਾਂ ਵਿੱਚ ਅੱਗ ਲੱਗੀ ਸੀ, ਜਿਸ ਨੂੰ ਉਨ੍ਹਾਂ ਨੇ ਆਪਣੀ ਮੋਜੂਦਗੀ ਵਿੱਚ ਅੱਗ ਨੂੰ ਬੁਝਾ ਦਿੱਤਾ ਗਿਆ। ਇਸ ਤੋਂ ਇਲਾਵਾ ਕਾਦੀਆਂ, ਡੇਰਾ ਬਾਬਾ ਨਾਨਕ, ਫਤਿਹਗੜ੍ਹ ਚੂੜੀਆਂ ਤੇ ਧਾਰੀਵਾਲ ਨੇੜੇ ਵੀ ਖੇਤਾਂ ਵਿੱਚ ਲੱਗੀ ਅੱਗ ਨੂੰ ਅਧਿਕਾਰੀਆਂ ਵਲੋਂ ਬੁਝਾ ਦਿੱਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤੇ ਪਰਾਲੀ ਨਾ ਸਾੜਨ ਤੇ ਪਰਾਲੀ ਪ੍ਰਬੰਧਨ ਲਈ ਅਪੀਲ ਕੀਤੀ ਗਈ।
ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਿਸਾਨਾਂ ਨੂੰ ਲਗਾਤਾਰ ਮਿਲ ਰਹੇ ਹਨ। ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉੁਹ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪਿੰਡ ਪੱਧਰ ਤੱਕ ਨੋਡਲ ਅਫਸਰ ਲਗਾਏ ਗਏ ਹਨ
ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਸਾਫ ਰੱਖਣ, ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਸਿਹਤ ਨੂੰ ਮੁੱਖ ਰੱਖਦਿਆਂ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤਨ ਦੀ ਅਪੀਲ ਕੀਤੀ।
ਐਸਡੀਐਮ ਨੇ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫਸਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ।