← ਪਿਛੇ ਪਰਤੋ
ਅਕਾਲੀ ਦਲ ਨੇ ਕੈਨੇਡਾ 'ਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਭਾਰਤ-ਕੈਨੇਡੀਆਈ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀ ਸਾਜ਼ਿਸ਼ ਨੂੰ ਮਾਤ ਪਾਉਣ ਕੈਨੈਡਾ ਸਰਕਾਰ ਨੂੰ ਕੈਨੇਡਾ ਦੀ ਧਰਤੀ ’ਤੇ ਸਾਰੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਅਪੀਲ ਚੰਡੀਗੜ੍ਹ, 5 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕੈਨੇਡਾ ਵਿਚ ਧਾਰਮਿਕ ਅਸਥਾਨਾਂ ਦੇ ਬਾਹਰ ਵਾਪਰੀਆਂ ਹਿੰਸਕ ਘਟਨਾਵਾਂ ਦੀ ਨਿਖੇਧੀ ਕੀਤੀ ਅਤੇ ਭਾਰਤੀ ਮੂਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀਆਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਮਾਤ ਪਾਉਣ ਤੇ ਉਹਨਾਂ ਨੇ ਕੈਨੇਡਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੈਨੇਡਾ ਦੀ ਧਰਤੀ ’ਤੇ ਸਾਰੇ ਧਾਰਮਿਕ ਅਸਥਾਨਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ਤੋਂ ਬਚਾਉਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਨੇ ਕਿਹਾ ਕਿ ਕੈਨੇਡਾ ਵਿਚ ਸਿੱਖਾਂ ਤੇ ਹਿੰਦੂਆਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ’ਸਰਬੱਤ ਦਾ ਭਲਾ’ ਦਾ ਉਪਦੇਸ਼ ਦਿੱਤਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਫਿਰਕੂ ਸਦਭਾਵਨਾ ਦਾ ਹਮਾਇਤੀ ਰਿਹਾ ਹੈ ਤੇ ਇਸ ਸਿਧਾਂਤ ਵਾਸਤੇ ਉਸਨੇ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ। ਪਾਰਟੀ ਹਿੰਦੂ-ਸਿੱਖ ਭਾਈਚਾਰੇ ਦਾ ਹਮਾਇਤੀ ਹੈ ਤੇ ਇਸਨੇ ਪੰਜਾਬ ਵਿਚ ਆਪਣੀ ਸਰਕਾਰ ਵੇਲੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣਾ ਯਕੀਨੀ ਬਣਾਇਆ। ਉਹਨਾਂ ਨੇ ਕੈਨੇਡਾ ਵਿਚ ਦੋਹਾਂ ਭਾਈਚਾਰਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਾਂਝੀਆਂ ਜੜ੍ਹਾਂ ਪਛਾਨਣ ਅਤੇ ਸੰਜਮ ਵਰਤਦਿਆਂ ਇਸ ਨਾਜ਼ੁਕ ਦੌਰ ਵਿਚ ਫਿਰਕੂ ਸਦਭਾਵਨਾ ਕਾਇਮ ਰੱਖਣ। ਸਰਦਾਰ ਭੂੰਦੜ ਨੇ ਕੈਨੇਡਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੈਨੇਡਾ ਵਿਚ ਭਾਰਤੀ ਮੂਲ ਦੇ ਸਾਰੇ ਲੋਕਾਂ ਅਤੇ ਉਹਨਾਂ ਦੀ ਉਸਤਤ ਵਾਲੀਆਂ ਥਾਵਾਂ ਦੀ ਸੁਰੱਖਿਆ ਯਕੀਨੀ ਬਣਾਵੇ। ਉਹਨਾਂ ਕਿਹਾ ਕਿ ਹਰੇਕ ਨੂੰ ਆਪਣੀਆਂ ਧਾਰਮਿਕ ਥਾਵਾਂ ’ਤੇ ਜਾਣ ਦਾ ਹੱਕ ਹੋਣ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਹਿੰਸਾ ਦੀਆਂ ਇਹ ਘਟਨਾਵਾਂ ਇਕ ਡੂੰਘੀ ਸਾਜ਼ਿਸ਼ ਤਹਿਤ ਹੋਈਆਂ ਹਨ। ਉਹਨਾਂ ਕਿਹਾ ਕਿ ਕੈਨੇਡਾ ਸਰਕਾਰ ਨੂੰ ਇਹਨਾਂ ਘਟਨਾਵਾਂ ਪਿੱਛੇ ਸਾਜ਼ਿਸ਼ ਬੇਪਰਦ ਕਰਨੀ ਚਾਹੀਦੀ ਹੈ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਕੈਨੇਡਾ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਕੈਨੇਡਾ ਦੀ ਧਰਤੀ ’ਤੇ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਹਨਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ-ਕੈਨੇਡੀਆਈ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਅਤੇ ਦੋਹਾਂ ਭਾਈਚਾਰਿਆਂ ਦਰਮਿਆਨ ਸੁਲਾਹ ਸਫਾਈ ਵਾਸਤੇ ਸੰਜੀਦਗੀ ਨਾਲ ਯਤਨ ਕਰੇ।
Total Responses : 308