ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਜਾਵੇਗਾ ਖਰੀਦਿਆ : ਡਿਪਟੀ ਕਮਿਸ਼ਨਰ
ਅਸ਼ੋਕ ਵਰਮਾ
ਬਠਿੰਡਾ, 7 ਨਵੰਬਰ 2024 : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲ੍ਹੇ ਦੇ ਪਿੰਡ ਬਹਿਮਣ ਦੀਵਾਨਾ ਅਤੇ ਬੁਲਾਢੇਵਾਲਾ ਦੀਆਂ ਅਨਾਜ ਮੰਡੀਆਂ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਵੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਚੱਲ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਚ 75 ਫੀਸਦੀ ਕਟੌਤੀ ਹੋਈ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਕਿਸਾਨ ਬੇਲਰ ਦੀ ਬਜਾਏ ਹੋਰ ਬਦਲਵੇ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ ਨੂੰ ਤਰਜ਼ੀਹ ਦੇਣ।
ਇਸ ਮੌਕੇ ਸਿਖਲਾਈ ਅਧੀਨ ਆਈਏਐਸ ਸ਼੍ਰੀ ਰਾਕੇਸ਼ ਕੁਮਾਰ ਮੀਨਾ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਗੌਰਵ ਗਰਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਸਹਾਇਕ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਸ਼ਿਤ ਮਹਿਤਾ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਸ਼ੈਲਰ ਮਾਲਕ, ਆੜ੍ਹਤੀਏ ਤੇ ਕਿਸਾਨ ਆਦਿ ਹਾਜ਼ਰ ਸਨ।