ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ 8 ਨਵੰਬਰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ, ਸੂਰੇਵਾਲਾ ਵਿਖੇ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਕਰਮਜੀਤ ਸ਼ਰਮਾ, ਸਹਿਯੋਗੀ ਨਿਰਦੇਸ਼ਕ, ਕੇ. ਵੀ. ਕੇ. ਸ੍ਰੀ ਮੁਕਤਸਰ ਸਾਹਿਬ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਅਹਿਮ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਆ। ਉਹਨਾਂ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਦਾ ਪਸ਼ੂਆਂ ਦੀ ਸਿਹਤ ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਪਰਾਲੀ ਨੂੰ ਸੋਧ ਕੇ ਪਸ਼ੂਆਂ ਦੀ ਖੁਰਾਕ ਵਜੋਂ ਵਰਤਣ ਦੀ ਤਕਨੀਕ ਬਾਰੇ ਵੀ ਦੱਸਿਆ। ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਵਿਦਿਆਰਥੀਆਂ ਨੂੰ ਪ੍ਰੇਰਦੇ ਹੋਏ ਦੱਸਿਆ ਕਿ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਦਾ ਸੁਨੇਹਾਂ ਪਿੰਡ ਦੇ ਕਿਸਾਨਾਂ ਤੱਕ ਪਹੁੰਚਾ ਕੇ ਇਸ ਸਮਾਜਿਕ ਕੰਮ ਵਿੱਚ ਉਹ ਆਪਣਾ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਇਸ ਪ੍ਰੋਗਰਾਮ ਦੌਰਾਨ ਸਕੂਲੀ ਵਿਦਿਆਰਥੀਆਂ ਲਈ ਭਾਸ਼ਣ ਮੁਕਾਬਲਾ, ਪੋਸਟਰ ਮੁਕਾਬਲੇ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਪੁਰਸਕਾਰ ਦਿੱਤੇ ਗਏ। ਪਿੰਡ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਵਿੱਚ ਪਰਾਲੀ ਸੰਭਾਲ ਨਾਲ ਸਬੰਧਿਤ ਜਾਗਰੂਕਤਾ ਰੈਲੀ ਦਾ ਆਯੋਜਨ ਵੀ ਕੀਤਾ ਗਿਆ। ਕੈਂਪ ਦੇ ਅਖੀਰ ਵਿੱਚ ਸ਼੍ਰੀ ਅਤੁਲ ਕੁਮਾਰ, ਮੁੱਖ ਅਧਿਆਪਕ, ਸਰਕਾਰੀ ਹਾਈ ਸਕੂਲ, ਸੂਰੇਵਾਲਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ, ਸਕੂਲ ਪ੍ਰਸ਼ਾਸਨ, ਪ੍ਰਬੰਧਕੀ ਸਟਾਫ਼ ਅਤੇ ਵਿਦਿਆਰਥੀਆਂ ਦਾ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ।