ਭਾਜਪਾ ਨੂੰ ਪੱਕੇ ਪੈਰੀਂ ਕਰਨ ਲਈ ਅਕਾਲੀ ਦਲ ਚੋਣ ਮੈਦਾਨ 'ਚੋਂ ਪਿੱਛੇ ਹਟਿਆ : ਢਿੱਲੋਂ
- ਬਰਨਾਲਾ ਜਿਮਨੀ ਚੋਣ ਦੇ ਪ੍ਰਚਾਰ ਲਈ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ
ਮਲਕੀਤ ਸਿੰਘ ਮਲਕਪੁਰ
ਲਾਲੜੂ 8 ਨਵੰਬਰ 2024: ਹਲਕਾ ਡੇਰਾਬੱਸੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਵੱਲੋਂ ਬਰਨਾਲਾ ਜਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਦੇ ਹੱਕ ਵਿੱਚ ਬਰਨਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ .ਢਿੱਲੋਂ ਨੇ ਦੱਸਿਆ ਕਿ ਪਾਰਟੀ ਵੱਲੋਂ ਉਨ੍ਹਾਂ ਦੀ ਬਰਨਾਲਾ ਜਿਮਨੀ ਚੋਣ ਵਿੱਚ ਡਿਊਟੀ ਲਾਈ ਗਈ ਹੈ ਜਦਕਿ ਉਨ੍ਹਾਂ ਦੇ ਪੁੱਤਰ ਉਦੇਵੀਰ ਸਿੰਘ ਢਿੱਲੋਂ ਚੱਬੇਵਾਲ ਵਿਚ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ । ਚੋਣ ਪ੍ਰਚਾਰ ਬਾਰੇ ਜਾਣਕਾਰੀ ਦਿੰਦਿਆਂ ਸ੍ਰ. ਢਿੱਲੋਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਲੋਕ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਪ੍ਰੇਸ਼ਾਨ ਹਨ ਤੇ ਇਨ੍ਹਾਂ ਦੋਹਾਂ ਸਰਕਾਰਾਂ ਦੇ ਰਵੱਈਏ ਕਾਰਨ ਹੀ ਜਿੱਥੇ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ ,ਉੱਥੇ ਹੀ ਦੂਜੇ ਵਰਗ ਮਹਿੰਗਾਈ ਦੀ ਮਾਰ ਝੱਲ ਰਹੇ ਹਨ ।
ਉਨ੍ਹਾਂ ਕਿਹਾ ਕਿ ਬਰਨਾਲਾ ਹਲਕੇ ਵਿੱਚ ਕਾਂਗਰਸ ਦੀ ਸਥਿਤੀ ਵਧੀਆ ਹੈ ਤੇ ਪਾਰਟੀ ਪੂਰੀ ਤਨਦੇਹੀ ਨਾਲ ਲੋਕਾਂ ਦੇ ਮਸਲੇ ਉਭਾਰ ਰਹੀ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਜਿਮਨੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮੈਦਾਨ ਪਿੱਛੋਂ ਭੱਜਣ ਦੀ ਸਿਆਸਤ ਨੂੰ ਪੰਜਾਬ ਦੇ ਲੋਕ ਭਲੀ-ਭਾਂਤ ਸਮਝ ਰਹੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਪੰਜਾਬ ਵਿੱਚ ਭਾਜਪਾ ਨੂੰ ਪੱਕੇ ਪੈਰੀਂ ਕਰਨ ਲਈ ਗੁੱਝੀਆਂ ਖੇਡਾਂ ਖੇਡ ਰਹੀ ਹੈ ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਦੇ ਚੋਣ ਲੜਨ ਉਤੇ ਰੋਕ ਲਗਾਈ ਹੈ ਨਾ ਕਿ ਸਮੁੱਚੇ ਸ੍ਰੋਮਣੀ ਅਕਾਲੀ ਦਲ ਨੂੰ ਚੋਣ ਲੜਣ ਤੋਂ ਰੋਕਿਆ ਹੈ ਜਦਕਿ ਅਕਾਲੀ ਲੀਡਰਸ਼ਿਪ ਚੁੱਪੀ ਹੀ ਵੱਟ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੇ ਭਾਜਪਾ ਖਿਲਾਫ਼ ਹਨ ਤੇ ਇਸ ਦਾ ਜਵਾਬ ਉਹ ਜਿਮਣੀ ਚੋਣਾਂ ਵਿੱਚ ਵੋਟ ਰਾਹੀਂ ਦੇਣਗੇ।
ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਪਾਰਟੀ ਦੀ ਟੀਮ ਹਾਜ਼ਰ ਸੀ।