ਫਿਰੋਜ਼ਪੁਰ ਘਟਨਾ ਤੋਂ ਬਾਅਦ ਜਾਗੇ ਪੁਲਿਸ ਪ੍ਰਸ਼ਾਸਨ ਵੱਲੋਂ ਮੈਰਿਜ ਪੈਲੇਸ ਮਾਲਕਾਂ ਨੂੰ ਅਸਲੇ ਸਬੰਧੀ ਨਸੀਹਤ
ਅਸ਼ੋਕ ਵਰਮਾ
ਬਠਿੰਡਾ, 11 ਨਵੰਬਰ 2024: ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਇੱਕ ਭਰਾ ਵੱਲੋਂ ਆਪਣੀ ਭੈਣ ਦੀ ਵਿਦਾਇਗੀ ਸਮੇਂ ਕੀਤੀ ਫਾਇਰਿੰਗ ਦੌਰਾਨ ਲੜਕੀ ਦੇ ਗੰਭੀਰ ਜਖਮੀ ਹੋਣ ਤੋਂ ਬਾਅਦ ਜਾਗੇ ਬਠਿੰਡਾ ਪੁਲਿਸ ਪ੍ਰਸ਼ਾਸਨ ਨੇ ਮੈਰਿਜ ਪੈਲਸ ਮਾਲਕਾਂ ਨਾਲ ਮੀਟਿੰਗ ਕਰਕੇ ਸਖਤ ਹਦਾਇਤਾਂ ਦਿੱਤੀਆਂ ਹਨ ਕਿ ਪੈਲਸ ਦੇ ਅੰਦਰ ਹਥਿਆਰਾਂ ਦੀ ਵਰਤੋਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਏਗੀ। ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸਪੀ (ਸ਼ਹਿਰੀ) ਸ੍ਰੀ ਨਰਿੰਦਰ ਸਿੰਘ ਵੱਲੋਂ ਮੈਰਿਜ ਪੈਲੇਸ ਮਾਲਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ''ਕੋਈ ਹਥਿਆਰ ਨਹੀਂ" ਨੀਤੀ 'ਤੇ ਸਖ਼ਤੀ ਨਾਲ ਅਮਲ ਕਰਨ ਲਈ ਨਿਰਦੇਸ਼ ਜਾਰੀ ਕੀਤੇ।
ਉਹਨਾਂ ਕਿਹਾ ਕਿ ਹਥਿਆਰਾਂ ਦੇ ਪ੍ਰਦਰਸ਼ਨ ਅਤੇ ਜਸ਼ਨ ਮਨਾਉਣ ਲਈ ਗੋਲੀਬਾਰੀ ਦੇ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ। ਉਹਨਾਂ ਇਹ ਵੀ ਕਿਹਾ ਕਿ ਜਨਤਾ ਦੀ ਸੁਰੱਖਿਆ ਨੂੰ ਪਹਿਲ ਦੇਣ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਉਹਨਾਂ ਮੈਰਿਜ ਪੈਲੇਸ ਮਾਲਕਾਂ ਨੂੰ ਕਿਹਾ ਕਿ ਉਹ ਇਸ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਤੇ ਹਥਿਆਰਾਂ ਦੇ ਪ੍ਰਦਰਸ਼ਨ ਦੀ ਸੂਚਨਾ ਦੇਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ।
ਉਹਨਾਂ ਕਿਹਾ ਕਿ ਪੁਲਿਸ ਵੱਲੋਂ ਇਹ ਕਦਮ ਸਮਾਜ ਵਿੱਚ ਸ਼ਾਂਤੀ ਬਣਾਈ ਰੱਖਣ ਅਤੇ ਮੌਜੂਦਾ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਉਹਨਾਂ ਆਮ ਜਨਤਾ ਨੂੰ ਅਪੀਲ ਕਰਦਿਆ ਕਿਹਾ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਅਜਿਹੀ ਘਟਨਾ ਦੀ ਸੂਚਨਾ ਮਿਲਦੀ ਹੈ ਤਾਂ ਉਹ ਨਜ਼ਦੀਕੀ ਪੁਲਿਸ ਥਾਣੇ ਵਿੱਚ ਦੇਣ ਅਤੇ ਕਾਨੂੰਨ-ਵਿਰੁੱਧ ਕਾਰਵਾਈ ਤੋਂ ਬਚਣ।