ਝੋਨੇ ਦੀ ਖਰੀਦ ਅਤੇ ਚੁਕਾਈ ’ਚ ਆਈ ਤੇਜ਼ੀ : ਡਿਪਟੀ ਕਮਿਸ਼ਨਰ ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 12 ਨਵੰਬਰ 2024 : ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਚੁਕਾਈ ਵਿੱਚ ਤੇਜ਼ੀ ਆਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਕੀਤਾ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 11 ਨਵੰਬਰ ਤੱਕ 99 ਫੀਸਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਰ ਰੋਜ਼ ਮੰਡੀਆਂ ਦਾ ਦੌਰਾ ਕਰਨਾ ਯਕੀਨੀ ਬਣਾਇਆ ਜਾਵੇ ਜੇਕਰ ਕਿਸੇ ਕਿਸਾਨ ਨੂੰ ਝੋਨਾ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਆਦਿ ਆਵੇ ਤਾਂ ਉਸ ਦਾ ਤਰੁੰਤ ਹੱਲ ਕੀਤਾ ਜਾਵੇ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 9,79,947 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਨ੍ਹਾਂ ’ਚੋਂ 8,64,379 ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦਿਆਂ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਨਗ੍ਰੇਨ ਨੇ 3,64,384 ਮੀਟ੍ਰਿਕ ਟਨ, ਮਾਰਕਫੈੱਡ ਨੇ 2,19,390 ਮੀਟ੍ਰਿਕ ਟਨ, ਪਨਸਪ ਨੇ 1,79,891 ਮੀਟ੍ਰਿਕ ਟਨ ਅਤੇ ਪੰਜਾਬ ਵੇਅਰ ਹਾਊਸ ਨੇ 1,00,714 ਮੀਟ੍ਰਿਕ ਟਨ ਝੋਨਾ ਖਰੀਦਿਆਂ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ 72 ਘੰਟਿਆਂ ਦੌਰਾਨ 7,37,323 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ’ਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।