ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਸਮਝਾਉਣ ਲਈ ਖੇਤਾਂ 'ਚ ਅਧਿਕਾਰੀ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਪਰਾਲੀ ਡੰਪ ਦਾ ਦੌਰਾ
- ਕਿਸਾਨਾਂ ਨਾਲ ਡੀ.ਸੀ ਤੇ ਐਸ.ਐਸ.ਪੀ ਨੇ ਖੇਤਾਂ 'ਚ ਜਾ ਕੇ ਕੀਤੀ ਗੱਲਬਾਤ
ਪਟਿਆਲਾ, 12 ਨਵੰਬਰ 2024 - ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਦੀ ਬਜਾਇ ਇਨਸੀਟੂ ਤਕਨੀਕਾਂ ਨਾਲ ਆਪਣੇ ਖੇਤਾਂ ਵਿੱਚ ਮਿਲਾਉਣ ਜਾਂ ਫਿਰ ਐਕਸ ਸੀਟੂ ਮੈਨੇਜਮੈਂਟ ਰਾਹੀਂ ਇਸ ਨੂੰ ਬੇਲਰਾਂ ਦੀ ਮਦਦ ਨਾਲ ਚੁਕਵਾਉਣ ਦੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਕਰਦਿਆ ਕੀਤਾ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਪਿੰਡ ਕੁਲਾਰਾ ਵਿਖੇ ਪਰਾਲੀ ਨੂੰ ਡੰਪ ਕਰਨ ਵਾਲੇ ਸਥਾਨ ਦਾ ਦੌਰਾ ਵੀ ਕੀਤਾ।
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪਿੰਡ ਕਕਰਾਲਾ, ਕੁਲਾਰਾ, ਭੇਡਪੁਰ, ਦੋਦੜਾ, ਕੋਟਲੀ ਸਮੇਤ ਸਮਾਣਾ ਸਬ ਡਵੀਜ਼ਨ ਦੇ ਹੋਰਨਾਂ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਜਿਥੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਉਥੇ ਹੀ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਦਿਆਂ 'ਉੱਨਤ ਕਿਸਾਨ' ਐਪ ਰਾਹੀਂ ਵੀ ਮਸ਼ੀਨਰੀ ਦੀ ਬੂਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਹਰ ਸੰਭਵ ਮਦਦ ਲਈ 24 ਘੰਟੇ ਤਾਇਨਾਤ ਹੈ। ਇਸ ਮੌਕੇ ਐਸਡੀਐਮ ਸਮਾਣਾ ਤਰਸੇਮ ਚੰਦ ਵੀ ਮੌਜੂਦ ਸਨ।
ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਕਿਸਾਨ ਇਨ ਸੀਟੂ ਤਕਨੀਕਾਂ ਦੀ ਵਰਤੋਂ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ, ਉਥੇ ਹੀ ਖਾਦਾਂ ਦੀ ਵਰਤੋਂ ਵਿੱਚ ਵੀ ਕਮੀ ਆਉਂਦੀ ਹੈ। ਉਨ੍ਹਾਂ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਅਤ ਭਵਿੱਖ ਲਈ ਸਭ ਨੂੰ ਰਲਕੇ ਹੰਭਲਾ ਮਾਰਨ ਦੀ ਅਪੀਲ ਕੀਤੀ।
ਇਸ ਮੌਕੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਕਿਸਾਨਾਂ ਤੱਕ ਪਿੰਡ-ਪਿੰਡ ਪਹੁੰਚ ਬਣਾਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਵੀ ਕਰ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇਸ ਦੇ ਸੁਚੱਜੇ ਪ੍ਰਬੰਧਨ ਲਈ ਅੱਗੇ ਆਉਣ।