ਜ਼ਿਲ੍ਹੇ ਅੰਦਰ ਕਿਸਾਨਾਂ ਵਲੋਂ ਇੰਨ ਸੀਟੂ ਤਰੀਕੇ ਨਾਲ ਝੋਨੇ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਕੀਤੀ ਬਿਜਾਈ
ਰੋਹਿਤ ਗੁਪਤਾ
ਗੁਰਦਾਸਪੁਰ,12 ਨਵੰਬਰ 2024 - ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲ਼ੋਂ ਪਰਾਲੀ ਨੂੰ ਮੌਕੇ 'ਤੇ ਜਾ ਕੇ ਸਾੜਨ ਤੋਂ ਰੋਕਣ ਲਈ, ਪਰਾਲੀ ਪ੍ਰਬੰਧਨ ਕਰਨ ਲਈ ਅਤੇ ਕਿਸਾਨਾਂ ਨੂੰ ਇੰਨ ਸੀਟੂ ਤਰੀਕੇ ਨਾਲ ਕਣਕ ਦੀ ਬਿਜਾਈ ਕਰਨ ਲਈ ਕਾਰਜ ਕੀਤਾ ਜਾ ਰਿਹਾ ਹੈ।
ਤਹਿਸੀਲਦਾਰ ਗੁਰਦਾਸਪੁਰ ਰਤਨਜੀਤ ਖੁੱਲਰ ਨੇ ਦੱਸਿਆ ਕਿ ਅੱਜ ਪਿੰਡ ਮੁਸਤਾਬਾਦ ਜੱਟਾਂ ਦੇ ਕਿਸਾਨ ਜੋਗਿੰਦਰ ਸਿੰਘ ਵੱਲੋਂ ਝੋਨੇ ਦੀ ਪਰਾਲੀ ਖੇਤ ਵਿੱਚ ਵਾਹ ਕੇ ਨਾਲ ਦੇ ਨਾਲ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਖੇਤ ਨੂੰ ਅੱਗ ਨਹੀਂ ਲਗਾਈ ਗਈ ਅਤੇ ਅਗਾਂਹ ਵੀ ਲਗਾਤਾਰ ਇਸੇ ਤਰ੍ਹਾਂ ਬਿਜਾਈ ਕਰਨਗੇ। ਇਸੇ ਤਰ੍ਹਾਂ ਪਿੰਡ ਰੱਤੋਵਾਲ, ਤਲਵੰਡੀ, ਮਾੜੇ ਅਤੇ ਅਲਾਵਲਪੁਰ ਵਿਖੇ ਵੀ ਕਿਸਾਨਾਂ ਵਲੋਂ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਕਿਸਾਨਾਂ ਇਨ-ਸੀਟੂ ਤਰੀਕੇ (ਫਸਲ ਦੀ ਰਹਿੰਦ-ਖੂੰਹਦ ਖੇਤ ਵਿੱਚ ਵਾਹ ਕੇ) ਨਾਲ ਕਣਕ ਦੀ ਬਿਜਾਈ ਕਰਨ ਦੀ ਅਪੀਲ ਕਰਨ ਦੇ ਨਾਲ ਐਕਸ ਸੀਟੂ ਵਿਧੀ ਨਾਲ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਮਿਲ ਕੇ ਪਰਾਲੀ ਦੀ ਸਾਭ- ਸੰਭਾਲ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਵੀ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦਾ ਯਕੀਨ ਦਵਾਇਆ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲ਼ੋਂ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ।