ਉੱਪ ਰਜਿਸਟਰਾਰ ਅਤੇ ਸਟਾਫ ਵੱਲੋਂ ਖੇਤ ਵਿੱਚ ਲੱਗੀ ਅੱਗ ਨੂੰ ਬੁਝਾਇਆ
- ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਫਸਲ ਬੀਜਣ ਲਈ ਪ੍ਰੇਰਿਤ ਕੀਤਾ
ਰੋਹਿਤ ਗੁਪਤਾ
ਗੁਰਦਾਸਪੁਰ, 13 ਨਵੰਬਰ 2024 - ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਫਲਾਇੰਗ ਸਕੈਅਡ ਟੀਮਾਂ ਅਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ਤੇ ਬੁਝਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਣ ਦੀ ਰੋਕਥਾਮ ਸਬੰਧੀ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਦਾਸਪੁਰ ਸ੍ਰੀ ਜਸਪ੍ਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਦੌਰਾ ਕੀਤਾ ਗਿਆ। ਇਸ ਮੌਕੇ ਪਿੰਡ ਆਲੀ ਸ਼ੇਰ ਵਿਖੇ ਕਿਸਾਨ ਵੱਲੋਂ ਆਪਣੇ ਖੇਤ ਨੂੰ ਵਿੱਚ ਅੱਗ ਲਗਾਈ ਹੋਈ ਸੀ ਮੌਕੇ ਤੇ ਉੱਪ ਰਜਿਸਟਰਾਰ ਅਤੇ ਸਟਾਫ ਵੱਲੋਂ ਕਿਸਾਨ ਨੂੰ ਸਮਝਾ ਬੁਝਾ ਕੇ ਅੱਗ ਬੁਝਾ ਦਿੱਤੀ ਗਈ ਅਤੇ ਕਿਸਾਨ ਨੂੰ ਤਾੜਨਾ ਕੀਤੀ ਕਿ ਉਹ ਅੱਗੇ ਤੋਂ ਆਪਣੇ ਖੇਤਾਂ ਵਿੱਚ ਅੱਗ ਨਾ ਲਾਵੇ ਅਤੇ ਨਾਲ ਹੀ ਹੋਰ ਕਿਸਾਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰੇ।
ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਿਸਾਨਾਂ ਨੂੰ ਲਗਾਤਾਰ ਮਿਲ ਰਹੇ ਹਨ। ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉੁਹ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪਿੰਡ ਪੱਧਰ ਤੱਕ ਨੋਡਲ ਅਫਸਰ ਲਗਾਏ ਗਏ ਹਨ।
ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਸਾਫ ਰੱਖਣ, ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਸਿਹਤ ਨੂੰ ਮੁੱਖ ਰੱਖਦਿਆਂ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤਨ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਅਪੀਲ ਕੀਤੀ ਕਿ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਇੰਨ-ਸੀਟੂ ਨਾਲ ਕਣਕ ਬੀਜਣ ਅਤੇ ਐਕਸ-ਸੀਟੂ ਨਾਲ ਪਰਾਲੀ ਪ੍ਰਬੰਧਨ ਕਰਨ।