ਸੁਨੀਲ ਜਾਖੜ ਨੇ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੇ ਮਾਮਲੇ ’ਤੇ PM Modi ਦਾ ਦਖਲ ਮੰਗਿਆ
ਚੰਡੀਗੜ੍ਹ, 14 ਨਵੰਬਰ, 2024: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੇ ਫੈਸਲੇ ਦੀ ਮੁੜ ਸਮੀਖਿਆ ਕਰ ਕੇ ਇਸਨੂੰ ਰੱਦ ਕਰਵਾਉਣ ਲਈ ਨਿੱਜੀ ਦਖਲ ਦੇਣ।
ਇਕ ਸੋਸ਼ਲ ਮੀਡੀਆ ਪੋਸਟ ਵਿਚ ਉਹਨਾਂ ਲਿਖਿਆ ਹੈ ਕਿ ’’ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜ਼ਮੀਨੀ ਖਿੱਤਾ ਹੀ ਨਹੀ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪੰਜਾਬ ਨੂੰ ਬੀਤੇ ਸਮੇਂ ਵਿਚ ਲੱਗੇ ਜਖ਼ਮਾਂ ਤੇ ਮੱਲਮ ਲਗਾਉਣ ਦੀ ਕੋਸ਼ਿਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਪੰਜਾਬੀਆਂ ਦੇ ਸਮਾਜਿਕ ਅਤੇ ਧਾਰਮਿਕ ਚੜ੍ਹਦੀਕਲਾ ਲਈ ਜਿਹੜੇ ਕਦਮ ਚੱਕੇ ਹਨ, ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜਮੀਨ ਦੇਣ ਨਾਲ ਉਨ੍ਹਾਂ ਦੇ ਇੰਨ੍ਹਾਂ ਉਪਰਾਲਿਆਂ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ।
ਮੇਰਾ ਮੰਨਨਾ ਹੈ ਕਿ ਪੰਜਾਬ ਤੇ ਕੇਂਦਰ ਦੇ ਮਜ਼ਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ’ਤੇ ਪੁਨਰ ਵਿਚਾਰ ਹੋਣਾ ਚਾਹੀਦਾ ਹੈ ਅਤੇ ਮੈਂ ਪ੍ਰਧਾਨ ਮੰਤਰੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ।
ਜਿਸ ਮੁੱਦੇ ’ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕਮਤ ਸਨ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੀ ਨਾਸਮਝੀ ਕਾਰਨ ਚੰਡੀਗੜ੍ਹ ਤੇ ਪੰਜਾਬ ਦਾ ਦਾਅਵਾ ਕਮਜ਼ੋਰ ਹੋਇਆ ਹੈ।ਜੈਪੁਰ ਵਿਚ ਜਦ ਉੱਤਰੀ ਜੋਨਲ ਕੌਂਸਲ ਦੀ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਹਰਿਆਣਾ ਨੇ ਵਿਧਾਨ ਸਭਾ ਲਈ ਇਹ ਜਮੀਨ ਮੰਗੀ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਦੀ ਵਿਧਾਨ ਸਭਾ ਲਈ ਵੀ ਜ਼ਮੀਨ ਮੰਗ ਕੇ ਹਰਿਆਣਾ ਦੀ ਮੰਗ ਤੇ ਆਪਣੇ ਸਮਰੱਥਨ ਦੀ ਮੋਹਰ ਲਗਾ ਦਿੱਤੀ ਸੀ l ਪੰਜਾਬ ਦੇ ਨੌਸਿਖੀਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੁੱਦੇ ਤੇ ਲਏ ਪੰਜਾਬ ਵਿਰੋਧੀ ਸਟੈਂਡ ਦੀ ਸਜਾ ਪੰਜਾਬ ਦੇ ਲੋਗ ਕਿਓ ਭੁਗਤਾਨ !’’