ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਦੀ ਹਰਚੰਦ ਸਿੰਘ ਬਰਸਟ ਨੇ ਸੰਗਤ ਨੂੰ ਦਿੱਤੀ ਵਧਾਈ
ਐਸ.ਏ.ਐਸ. ਨਗਰ ( ਮੋਹਾਲੀ / ਚੰਡੀਗੜ੍ਹ ) 14 ਨਵੰਬਰ, 2024 – ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉੱਤੇ ਪੰਜਾਬ ਅਤੇ ਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸਾਰਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਜੀ ਇੱਕ ਮਹਾਨ ਅਧਿਆਤਮਕ ਗੁਰੂ ਸਨ, ਜਿਨ੍ਹਾਂ ਨੇ ਮਨੁੱਖਤਾ ਨੂੰ ਪਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ। ਗੁਰੂ ਸਾਹਿਬ ਜੀ ਦੀਆਂ ਸਿਖਿਆਵਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਸਮਾਜ ਵਿੱਚ ਅੱਜ ਵੀ ਸਾਰਥਕ ਹਨ। ਸ੍ਰੀ ਗੁਰੂ ਨਾਨਕ ਜੀ ਨੇ ਕਿਰਤੀ ਲੋਕਾਂ ਦਾ ਸਤਿਕਾਰ ਕੀਤਾ ਅਤੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਆਦਰਸ਼ਾਂ ਨਾਲ ਪ੍ਰੇਰਿਤ ਕੀਤਾ ਅਤੇ ਝੂਠ, ਪਾਖੰਡ ਅਤੇ ਜਾਤ-ਪਾਤ ਵਰਗੀਆਂ ਬੁਰਾਈਆਂ ਤੋਂ ਬਚਣ ਦਾ ਸੁਨੇਹਾ ਦਿੱਤਾ। ਸਮਾਜ ਵਿੱਚ ਪ੍ਰੇਮ, ਏਕਤਾ ਅਤੇ ਭਾਈਚਾਰੇ ਨਾਲ ਰਹਿਣ ਦੀ ਪ੍ਰੇਰਣਾ ਦਿੱਤੀ। ਬਰਸਟ ਨੇ ਅਰਦਾਸ ਕੀਤੀ ਕਿ ਸੂਬੇ ਵਿੱਚ ਸਾਂਝ, ਸ਼ਾਂਤੀ ਅਤੇ ਭਾਈਚਾਰਾ ਹੋਰ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਮੋਢੀ ਰਹੇ।